ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਅਤੇ ਅੱਗ ਦੀਆਂ ਲਪਟਾਂ ‘ਚ ਤਬਦੀਲ ਹੋ ਗਈ।
ਪ੍ਰੀਖਿਆ ਸ਼ਾਖਾ ਦੀਆਂ ਦੋ ਮੰਜ਼ਿਲਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪੁੱਜੀ ਅਤੇ 10 ਵਜੇ ਤਕ ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ ਰਿਹਾ ਹੈ।
ਦੱਸਣਯੋਗ ਹੈ ਕਿ ਪ੍ਰੀਖਿਆ ਸ਼ਾਖਾ ਵਰਸਿਟੀ ਦੀ ਅਹਿਮ ਬ੍ਰਾਂਚ ਹੈ। ਜਿੱਥੇ ਵਿਦਿਆਰਥੀਆਂ ਦੇ ਪੇਪਰਾਂ ਨਾਲ ਸਬੰਧਤ ਸਾਰਾ ਰਿਕਾਰਡ ਮੌਜੂਦ ਹੁੰਦਾ ਹੈ। ਵੀਰਵਾਰ ਲੱਗੀ ਅੱਗ ਵਿਚ ਕਾਫੀ ਰਿਕਾਰਡ ਤੇ ਹੋਰ ਸਮੱਗਰੀ ਸੁਆਹ ਹੋਣ ਦਾ ਖਦਸ਼ਾ ਹੈ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ ਡਿਊਟੀ ’ਤੇ ਆਉਂਦੇ ਸਮੇਂ ਮੁਲਾਜ਼ਮਾਂ ਨੇ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਐਡਮਿਨ ਬਲਾਕ ਦੇ ਮੁੱਖ ਦਰਵਾਜ਼ੇ ਦੇ ਉੱਪਰ ਦਾ ਸ਼ੀਸ਼ਾ ਤੋੜ ਕੇ ਅੰਦਰ ਲੱਗੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਲਗਭਗ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅਧਿਕਾਰੀ ਰਮਨ ਕੁਮਾਰ ਨੇ ਦੱਸਿਆ ਕਿ ਸਾਨੂੰ ਸਵੇਰੇ 7:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਦੱਸ ਦੇਈਏ ਕਿ ਕਾਫੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ।