Punjab

ਬਾਦਲਾਂ ਦੀ ਹੋਵੇਗੀ ਅਦਾਲਤ ਵਿੱਚ ਪੇਸ਼ੀ,ਜਾਰੀ ਹੋ ਗਏ ਸੰਮਨ,ਹੋਰ ਪੁਲਿਸ ਅਧਿਕਾਰੀ ਵੀ ਤਲਬ

ਫਰੀਦਕੋਟ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਣੇ ਹੋਰ ਨਾਮਜ਼ਦ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ।

ਇਹਨਾਂ ਅਧਿਕਾਰੀਆਂ ਵਿੱਚ ਉਸ ਵੇਲੇ ਦੇ ਆਈਜੀ ਪਰਮਰਾਜ ਉਮਰਾਨੰਗਲ,ਐਸਐਸਪੀ ਚਰਨਜੀਤ ਸ਼ਰਮਾ ਤੇ ਹੋਰ ਕਈ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।ਅਦਾਲਤ ਨੇ ਇਹਨਾਂ ਸਾਰਿਆਂ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ।

ਬੀਤੀ 24 ਫਰਵਰੀ ਨੂੰ ਕੋਟਕਪੂਰਾ ਮਾਮਲੇ ਵਿੱਚ ਜਾਂਚ ਕਰ ਰਹੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਸੀ। ਕਰੀਬ 7000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਧਾਰਾ 307,153,119,109,120 ਸਣੇ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਸਨ। ਐਲ ਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਦੀ ਅਗਵਾਈ ਵਿੱਚ ਨਵੀਂ ਬਣੀ ਜਾਂਚ ਕਮੇਟੀ ਨੇ ਇਸ ਗੋਲੀਕਾਂਡ ਦੀ ਜਾਂਚ ਕੀਤੀ ਸੀ ਤੇ ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।

ਸੰਨ 2015 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੇ ਉਸ ਤੋਂ ਬਾਅਦ ਵਾਪਰੀ ਇਸ ਘਟਨਾ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਹੁੰਦੇ ਆ ਰਹੇ ਹਨ ਤੇ ਬਹਿਬਲ ਕਲਾਂ ਵਿੱਚ ਇੱਕ ਸਾਲ ਤੋਂ ਤੇ ਪੰਜਾਬ-ਮੁਹਾਲੀ ਦੀ ਸਰਹੱਦ ਤੇ ਪਿਛਲੇ ਡੇਢ ਮਹੀਨੇ ਤੋਂ ਇਸ ਮਾਮਲੇ ਵਿੱਚ ਇਨਸਾਫ਼ ਲਈ ਮੋਰਚਾ ਚੱਲ ਰਿਹਾ ਹੈ।