The Khalas Tv Blog Punjab ਖੇਤੀ ਬਿੱਲਾਂ ਨੂੰ ਲੈ ਕੇ ਕੱਲ੍ਹ ਤੋਂ ਹੋਰ ਭਖਣਗੇ ਕਿਸਾਨ, 24 ਤੋਂ 26 ਤੱਕ ਚੱਕਾ ਜਾਮ
Punjab

ਖੇਤੀ ਬਿੱਲਾਂ ਨੂੰ ਲੈ ਕੇ ਕੱਲ੍ਹ ਤੋਂ ਹੋਰ ਭਖਣਗੇ ਕਿਸਾਨ, 24 ਤੋਂ 26 ਤੱਕ ਚੱਕਾ ਜਾਮ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਵਿੱਚ ਕੱਲ੍ਹ 24 ਸਤੰਬਰ ਤੋਂ ਸੰਘਰਸ਼ ਪੂਰੀ ਤਰ੍ਹਾਂ ਭੱਖ ਜਾਏਗਾ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖਿਲਾਫ਼ 24 ਤੋਂ 26 ਸਤੰਬਰ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੀ ਹਮਾਇਤ ਸਿਆਸੀ ਪਾਰਟੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ‘ਪੰਜਾਬ ਬੰਦ’ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੋਂ ਹੋਰ ਵੀ ਤਿੱਖਾ ਕੀਤਾ ਜਾਏਗਾ।

ਕਿਸਾਨਾਂ ਦੇ ਸੰਘਰਸ਼ ਨੂੰ ਸਿਆਸੀ ਪਾਰਟੀਆਂ ਤੋਂ ਇਲਾਵਾ ਆੜ੍ਹਤੀਆਂ, ਮੁਲਾਜ਼ਮਾਂ ਤੇ ਮਜ਼ਦੂਰਾਂ ਦੀ ਹਮਾਇਤ ਮਿਲ ਰਹੀ ਹੈ। ਕਿਸਾਨ ਸੰਘਰਸ਼ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਰਹੇ ਹਨ। ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਮਗਰੋਂ ਪੰਜਾਬ ਦੀ ਨੌਜਵਾਨੀ ਖੁੱਲ੍ਹ ਕੇ ਸਾਹਮਣੇ ਆਈ ਹੈ। ਨੌਜਵਾਨ ਸੋਸ਼ਲ ਮੀਡੀਆ ‘ਤੇ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢ ਰਹੇ ਹਨ। ਉਹ ਧਰਨੇ-ਮੁਜ਼ਾਹਰਿਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।

ਇਸ ਵੇਲੇ ਬੀਜੇਪੀ ਨੂੰ ਛੱਡ ਹਰ ਸਿਆਸੀ ਧਿਰ ਕਿਸਾਨਾਂ ਨਾਲ ਡਟ ਗਈ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਖੇਤੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਲੀਡਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਕਿਸਾਨ ਪਿੰਡਾਂ ਅੰਦਰ ਬੀਜੇਪੀ ਲੀਡਰਾਂ ਦਾ ਘਿਰਾਓ ਕਰ ਰਹੇ ਹਨ।

Exit mobile version