Khetibadi Punjab

ਸੰਗਰੂਰ ’ਚ ਕਿਸਾਨ ਨੇ ਕੀਤੀ ਖ਼ੁਦਕੁਸ਼ੀ! DAP ਨਾ ਮਿਲਣ ਕਾਰਨ ਸੀ ਪਰੇਸ਼ਾਨ; 5 ਲੱਖ ਦਾ ਸੀ ਕਰਜ਼ਾ

ਬਿਉਰੋ ਰਿਪੋਰਟ: ਸੰਗਰੂਰ ਦੇ ਪਿੰਡ ਨਦਾਮਪੁਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਮੋਟਰ ’ਤੇ ਗਏ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਹ ਮੌਕੇ ’ਤੇ ਹੀ ਡਿੱਗ ਗਏ।

ਜਦੋਂ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਪਿਤਾ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਿਰ 5 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਨ੍ਹਾਂ ਕੋਲ ਸਿਰਫ਼ ਦੋ ਏਕੜ ਜ਼ਮੀਨ ਸੀ, ਜਿਸ ਕਾਰਨ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਸੀ। ਉਸ ਨੇ ਦੱਸਿਆ ਕਿ ਉਸ ਦਾ ਝੋਨਾ 10 ਦਿਨਾਂ ਤੋਂ ਮੰਡੀਆਂ ਵਿੱਚ ਪਿਆ ਸੀ ਅਤੇ ਉਸ ਦਾ ਪਿਤਾ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਬਿਜਾਈ ਸਬੰਧੀ ਡੀਏਪੀ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗੇ ਸੀ।

ਆਰਥਿਕ ਤੰਗੀ ਕਾਰਨ ਉਸ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੇ ਸਾਰੇ ਕਰਜ਼ੇ ਮੁਆਫ਼ ਕਰਕੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।