ਬਿਊਰੋ ਰਿਪੋਰਟ (ਅੰਮ੍ਰਿਤਸਰ, 2 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਕਾਰਨ ਜਨ ਜੀਵਨ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਾਛੀਵਾਲ ਵਿੱਚ 60 ਸਾਲਾ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ।
ਮ੍ਰਿਤਕ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਹਨਾਂ ਨੇ ਕਈ ਵਾਰ ਬਚਾਵ ਦਲ ਨੂੰ ਮਦਦ ਲਈ ਸੱਦਾ ਦਿੱਤਾ, ਪਰ ਸਮੇਂ ਸਿਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਜੇ ਬਚਾਅ ਟੀਮ ਸਮੇਂ ’ਤੇ ਪਹੁੰਚ ਜਾਂਦੀ ਤਾਂ ਪਰਮਜੀਤ ਸਿੰਘ ਦੀ ਜ਼ਿੰਦਗੀ ਬਚ ਸਕਦੀ ਸੀ।
ਪਿੰਡ ਦੇ ਹੋਰ ਪਰਿਵਾਰਾਂ ਨੇ ਵੀ ਪ੍ਰਸ਼ਾਸਨ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਬਾਪੂ ਪਰਮਜੀਤ ਸਿੰਘ ਨੂੰ ਬਚਾ ਸਕਦੇ ਸਨ, ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਗੁਮਰਾਹ ਕਰ ਦਿੱਤਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਸੁਰੱਖਿਅਤ ਕੱਢ ਲਿਆ ਗਿਆ ਹੈ। ਇਸ ਕਾਰਨ ਉਨ੍ਹਾਂ ਨੇ ਮਦਦ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਦੇਰ ਹੋਣ ਕਰਕੇ ਬਾਪੂ ਦੀ ਜ਼ਿੰਦਗੀ ਨਹੀਂ ਬਚ ਸਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੁਆਵਜ਼ੇ ਦੀ ਮੰਗ
ਇਸ ਘਟਨਾ ਦੀ ਪੁਸ਼ਟੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੀ ਕੀਤੀ ਹੈ। ਸੰਗਠਨ ਦੇ ਸੂਬਾ ਪੱਧਰੀ ਆਗੂ ਸਰਵਣ ਸਿੰਘ ਪੰਧੇਰ ਮੌਕੇ ’ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਦੇ ਹਾਲਾਤ ਬਹੁਤ ਹੀ ਗੰਭੀਰ ਹਨ ਅਤੇ ਜੇਕਰ ਪ੍ਰਸ਼ਾਸਨਕ ਲਾਪਰਵਾਹੀ ਅਜੇ ਵੀ ਜਾਰੀ ਰਹੀ ਤਾਂ ਹੋਰ ਮੌਤਾਂ ਵੀ ਹੋ ਸਕਦੀਆਂ ਹਨ।
ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਉਨ੍ਹਾਂ ਸਾਫ਼ ਕਿਹਾ ਕਿ ਅਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕੰਮ ਤੇਜ਼ ਕਰਨ ਦੀ ਵੀ ਅਪੀਲ ਕੀਤੀ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਘਟਨਾ ਪ੍ਰਸ਼ਾਸਨ ਦੀ ਨਾਕਾਮੀ ਨੂੰ ਸਾਹਮਣੇ ਲਿਆਉਂਦੀ ਹੈ। ਲੋਕਾਂ ਵਿੱਚ ਗੁੱਸਾ ਹੈ ਕਿ ਕਈ ਵਾਰ ਮਦਦ ਮੰਗਣ ਦੇ ਬਾਵਜੂਦ ਵੀ ਸਮੇਂ ’ਤੇ ਬਚਾਅ ਕੰਮ ਨਹੀਂ ਹੋਇਆ। ਲੋਕਾਂ ਨੂੰ ਡਰ ਹੈ ਕਿ ਜੇ ਹਾਲਾਤ ’ਤੇ ਤੁਰੰਤ ਕਾਬੂ ਨਹੀਂ ਪਾਇਆ ਗਿਆ ਤਾਂ ਇਸ ਤਰ੍ਹਾਂ ਦੀਆਂ ਹੋਰ ਘਟਨਾਵਾਂ ਵੀ ਵਾਪਰ ਸਕਦੀਆਂ ਹਨ।