ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀ ਸੀ ਦਫ਼ਤਰਾਂ ਅਤੇ 12 ਐੱਸ ਡੀ ਐੱਮ ਦਫ਼ਤਰਾਂ ਉੱਤੇ ਰੋਸ ਮੁਜ਼ਾਹਰਾ ਕੀਤਾ। ਮੋਗਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਕਿਸਾਨ ਵੱਲੋਂ ਮੋਗਾ ਉੱਤੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਟਰਾਲੀਆਂ ਵਿੱਚ ਪਰਾਲੀ ਲਿਆ ਕੇ ਰੋਸ ਪ੍ਰਦਰਸ਼ਨ ਕੀਤਾ।
ਦੱਸ ਦਈਏ ਕਿ ਯੂਨੀਅਨ ਦੀ ਮੰਗ ਹੈ ਕੇ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਸਾੜੀ ਗਈ ਹੈ, ਉਨ੍ਹਾਂ ਉਪਰ ਦਰਜ ਕੀਤੇ ਗਏ ਮਾਮਲੇ ਜਲਦ ਤੋਂ ਜਲਦ ਵਾਪਸ ਲਏ ਜਾਣ। ਪਰਾਲੀ ਨਾਲ ਭਰੀਆਂ ਟਰਾਲੀਆਂ ਲੈ ਕੇ ਡੀਸੀ ਦਫ਼ਤਰ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿੱਚ ਜ਼ਬਰਦਸਤ ਬਹਿਸ ਹੋਈ। ਕਿਸਾਨਾਂ ਨੇ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਖੁਦ ਹੀ ਪਾਸੇ ਹਟਾਲ ਦਿੱਤੀ ਅਤੇ ਇੱਕ ਕਿਸਾਨ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ। ਇਸ ਦੌਰਾਨ ਉਥੇ ਮਾਹੌਲ ਤਣਾਅਪੂਰਨ ਹੋ ਗਿਆ।
ਦੂਜੇ ਪਾਸੇ ਫ਼ਤਿਹਗੜ੍ਹ ਸਾਹਿਬ ਵਿੱਚ ਟਰਾਲੀਆਂ ਵਿੱਚ ਪਰਾਲੀ ਭਰ ਕੇ ਡੀ ਸੀ ਦਫ਼ਤਰ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ। ਕਿਸਾਨਾਂ ਦੇ ਇੱਕ ਜਥੇ ਨੂੰ ਗੁਰਦੁਆਰਾ ਜੋਤੀ ਸਵਰੂਪ ਸਾਹਿਬ ਨੇੜੇ ਰੋਕ ਲਿਆ ਗਿਆ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਜਿਸ ਕਾਰਨ ਗ਼ੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਹੀ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ।
ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਅਤੇ ਹਰਿਆਣਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ। ਪਰਾਲੀ ਨੂੰ ਟਰਾਲੀਆਂ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਕਿ ਪ੍ਰਸ਼ਾਸਨ ਨੂੰ ਪੁੱਛਿਆ ਜਾਵੇ ਕਿ ਇਸ ਨੂੰ ਕਿਵੇਂ ਸੰਭਾਲਣਾ ਹੈ ਜਾਂ ਪ੍ਰਸ਼ਾਸਨ ਖ਼ੁਦ ਪਰਾਲੀ ਦੀ ਸੰਭਾਲ ਕਰਦਾ ਹੈ। ਪਰਾਲੀ ਸਾੜਨ ਦਾ ਕੋਈ ਪ੍ਰੋਗਰਾਮ ਨਹੀਂ ਹੈ। ਪਰ ਉਸ ਨੂੰ ਡੀਸੀ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਰੋਹ ਦੇ ਰੂਪ ਵਿੱਚ ਸੜਕ ਜਾਮ ਹੋਵੇਗੀ। ਜੇਕਰ ਕਿਸਾਨਾਂ ਨੇ ਕਿਤੇ ਵੀ ਪਰਾਲੀ ਨੂੰ ਅੱਗ ਲਗਾਈ ਤਾਂ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।