‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਹ ਜਾਣਕਾਰੀ ਦਿੱਤੀ ਹੈ। ਜੋਗਿੰਦਰ ਸਿੰਘ ਉਗਰਾਹਾਂ ਨੂੰ ਦੋ ਦਿਨ ਪਹਿਲਾਂ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਗਰਾਹਾਂ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਲੜ ਰਹੇ ਹਨ।
ਜਾਣਕਾਰੀ ਮੁਤਾਬਕ ਉਹ ਕੁੱਝ ਦਿਨ ਪਹਿਲਾਂ ਹੀ ਟਿਕਰੀ ਬਾਰਡਰ ਮੋਰਚੇ ਤੋਂ ਪੰਜਾਬ ਵਾਪਿਸ ਪਰਤੇ ਸਨ। ਉਨ੍ਹਾਂ ਨੂੰ ਖੰਘ ਅਤੇ ਜੁਕਾਮ ਦੀ ਸ਼ਿਕਾਇਤ ਸੀ, ਜਿਸ ਨੂੰ ਦੇਖਦਿਆਂ ਉਨ੍ਹਾਂ ਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ, ਜਿੱਥੇ ਜਾਂਚ ਦੌਰਾਨ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਡਾਕਟਰਾਂ ਦੇ ਮੁਤਾਬਕ ਜੋਗਿੰਦਰ ਸਿੰਘ ਉਗਰਾਹਾਂ ਦੀ ਸਥਿਤੀ ਠੀਕ ਹੈ। ਡਾਕਟਰਾਂ ਅਨੁਸਾਰ ਉਹ ਛੇਤੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਜਾਣਗੇ।
