ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿੱਚ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਾਜਪਾ (BJP) ਵੱਲੋਂ ਪਾਰਟੀ ਦੇ ਕੇਂਦਰੀ ਲੀਡਰਾਂ ਨੂੰ ਲਿਆ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਮੋਗਾ (Moga) ਦੇ ਕਸਬਾ ਬਾਘਾ ਪੁਰਾਣਾ (Bagha Purana) ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਮੁਦਰਾਬਾਦ ਦੇ ਨਾਅਰੇ ਲਾਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਜੂਦ ਸਨ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ।
ਕਿਸਾਨਾਂ ਨੇ ਕਿਹਾ ਕਿ ਅਸੀਂ ਭਾਜਪਾ ਸਰਕਾਰ ਦਾ ਸਖ਼ਤ ਵਿਰੋਧ ਕਰਦੇ ਹਾਂ | ਭਾਜਪਾ ਸਰਕਾਰ ਨੇ ਕਿਸਾਨਾਂ ‘ਤੇ ਅੱਤਿਆਚਾਰ ਕੀਤਾ ਹੈ। ਸ਼ੰਭੂ ਅਤੇ ਖਿਨੌਰੀ ਸਰਹੱਦ ‘ਤੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਗਿਆ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸਾਡੇ 750 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸਰਕਾਰ ਵੱਲੋਂ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ। ਜੇਕਰ ਕੋਈ ਵੀ ਭਾਜਪਾ ਵਰਕਰ ਜਾਂ ਆਗੂ ਕਿਸੇ ਵੀ ਪਿੰਡ ਵਿੱਚ ਵੋਟਾਂ ਮੰਗਣ ਜਾਂਦਾ ਹੈ ਤਾਂ ਉਸ ਦਾ ਵੀ ਉਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ। ਅੱਜ ਕੈਬਨਿਟ ਮੰਤਰੀ ਸਮ੍ਰਿਤੀ ਇਰਾਨੀ ਬਾਘਾ ਪੁਰਾਣਾ ਆਈ ਹੈ, ਅੱਜ ਅਸੀਂ ਉਨ੍ਹਾਂ ਦਾ ਸਖ਼ਤ ਵਿਰੋਧ ਕਰਦੇ ਹਾਂ।
ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਦੂਜੇ ਕਿਸਾਨ ਅੰਦੋਲਨ ਦੇ ਰੂਪ ਵਿੱਚ ਦਿੱਲੀ ਜਾਣਾ ਚਾਹੁੰਦੇ ਸਨ, ਪਰ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ, ਜਿਸ ਕਾਰਨ ਕਿਸਾਨ ਭਾਜਪਾ ਲੀਡਰਾਂ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ – ‘PSPCL ਵਿੱਚ 700 ਕਰੋੜ ਦਾ ਘੁਟਾਲਾ”! ਅਕਾਲੀ ਦਲ ਰਾਜਪਾਲ ਨੂੰ ਕਰੇਗਾ ਸ਼ਿਕਾਇਤ