Punjab

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਜਿਲ੍ਹਾ ਅਤੇ ਤਹਿਸੀਲ ਦਫਤਰਾਂ ‘ਚ ਦਿੱਤੇ ਮੰਗ ਪੱਤਰ,ਫੂਕੇ ਅਜੈ ਮਿਸ਼ਰਾ ਟੈਨੀ ਦੇ ਪੁਤਲੇ

ਚੰਡੀਗੜ੍ਹ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਕਿਸਾਨਾਂ(farmers) ਨੇ ਪੰਜਾਬ ਭਰ ਵਿੱਚ ਜਿਲ੍ਹਾ ਹੈਡਕੁਆਰਟਰਾਂ (District headquarters)ਅਤੇ ਤਹਿਸੀਲ ਦਫ਼ਤਰਾਂ ਮੂਹਰੇ ਇਕੱਠੇ ਹੋ ਰੋਸ ਪ੍ਰਦਰਸ਼ਨ ਕੀਤਾ ਤੇ  ਅਧਿਕਾਰੀਆਂ ਦੇ ਰਾਹੀਂ ਰਾਸ਼ਟਰਪਤੀ(president) ਦੇ ਨਾਂ ਮੰਗ ਪੱਤਰ ਦਿੱਤਾ।

ਇਸ ਤੋਂ ਬਾਅਦ ਵੱਖ ਥਾਵਾਂ ‘ਤੇ ਭਾਜਪਾ ਆਗੂਆਂ ਦੇ ਦਫਤਰਾਂ ਅਤੇ ਰਿਹਾਇਸ਼ ਦੇ ਬਾਹਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁਤਲੇ ਫੂਕੇ ਗਏ ।  ਇਕੱਠੇ ਹੋਏ ਕਿਸਾਨਾਂ ਨੇ ਰੋਸ ਵਜੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਕੇ ਜੇਲ੍ਹ ਭੇਜਣ ਦੀ ਮੰਗ ਕੀਤੀ।

ਕਿਸਾਨ ਆਗੂਆਂ ਡਾ ਦਰਸ਼ਨਪਾਲ ਅਤੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਗੱਡੀਆਂ ਥੱਲੇ ਦਰੜ ਕੇ ਸ਼ਹੀਦ ਕਰਨ ਵਾਲੇ ਅਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ‘ਤੇ ਇਸ ਕਤਲ ਦੇ ਇਲਜ਼ਾਮ ਸਿੱਧੇ ਸਾਬਤ ਹੋ ਰਹੇ ਹਨ। ਇਸ ਲਈ ਕਿਸਾਨਾਂ ਵੱਲੋਂ ਮੋਦੀ ਸਰਕਾਰ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਕੈਬਨਿਟ ਚੋਂ ਬਰਖਾਸਤ ਕੀਤਾ ਜਾਵੇ ਅਤੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ। ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਪੁਲਿਸ ਵਲੋਂ ਨਾਜਾਇਜ਼ ਪਰਚਿਆਂ ਵਿਚ ਗ੍ਰਿਫ਼ਤਾਰ ਕੀਤੇ ਚਾਰ ਨੌਜਵਾਨ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਜ਼ਿਲੇ ਅੰਦਰ 75 ਘੰਟਿਆਂ ਦਾ ਧਰਨਾ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਅਜੈ ਮਿਸ਼ਰਾ ਟੈਨੀ ਵੱਲੋਂ ਕਿਸਾਨਾਂ ਅਤੇ ਕਿਸਾਨ ਆਗੂਆਂ ਦੇ ਲਈ ਇੱਕ ਵੀਡੀਓ ਵਿੱਚ ਬਹੁਤ ਘਟੀਆ ਸ਼ਬਦਾਵਲੀ ਵਰਤੀ ਗਈ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਦੱਸਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ  5 ਸਤੰਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਵੱਡੇ  ਇਕੱਠ ਕੀਤੇ ਜਾਣਗੇ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ।