India Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਦਾ ਚੱਕਾ ਜਾਮ

‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ ਦਾ ਸਾਰਾ ਕਰਜ਼ਾ ਖਤਮ ਕਰਨ ਸਮੇਤ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਅੱਜ ਹਜ਼ਾਰਾਂ ਕਿਸਾਨਾਂ, ਮਜਦੂਰਾਂ, ਬੀਬੀਆਂ ਵੱਲੋਂ ਜਥੇਬੰਦੀ ਦੀ ਅਗਵਾਈ ਹੇਠ ਦੇਵੀਦਾਸਪੁਰ ਵਿਖੇ ਅੰਮ੍ਰਿਤਸਰ ਦਿੱਲੀ ਰੇਲ ਟਰੈਕ ਮੁਕੰਮਲ ਤੌਰ ‘ਤੇ ਜਾਮ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਅਗਲੇ ਐਲਾਨ ਤੱਕ ਜਾਰੀ ਰਹੇਗਾ। ਅੱਜ ਦੇ ਪੱਕੇ ਮੋਰਚੇ ਵਿੱਚ ਕਿਸਾਨ ਅਤੇ ਮਜ਼ਦੂਰ ਆਪਣੇ ਨਾਲ ਰਸਦ ਪਾਣੀ ਅਤੇ ਬਿਸਤਰੇ ਲੈ ਕੇ ਪਹੁੰਚੇ ਹੋਏ ਸਨ।

ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਪੰਜਾਬ ਦੇ ਉੱਪ ਮੁੱਖ ਮੰਤਰੀ ਵੱਲੋਂ 29 ਸਤੰਬਰ ਨੂੰ ਅੰਦੋਲਨ ਦੌਰਾਨ ਹੋਈ ਮੀਟਿੰਗ ਵਿੱਚ ਸਾਰੇ ਮਸਲੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਤੋਂ ਸਰਕਾਰ ਦੇ ਸਾਫ ਮੁੱਕਰਨ ਕਰਕੇ ਅੱਜ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ, ਜਿਸਦੀ ਜਿੰਮੇਵਾਰ ਪੰਜਾਬ ਦੀ ਚੰਨੀ ਸਰਕਾਰ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਗੱਲ ਨਾ ਸੁਣੀ ਤਾਂ ਜਥੇਬੰਦੀ ਵੱਲੋਂ 22 ਦਸੰਬਰ ਨੂੰ ਤਿੰਨ ਹੋਰ ਥਾਂਵਾਂ ‘ਤੇ ਮੋਰਚੇ ਸ਼ੁਰੂ ਕਰ ਦਿੱਤੇ ਜਾਣਗੇ।

ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਦਾ ਸਾਰਾ ਕਰਜ਼ਾ ਕੌਮੀ ਤਰਾਸਦੀ ਹੋਣ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਤੁਰੰਤ ਖਤਮ ਕਰੇ, ਗੜ੍ਹੇਮਾਰੀ ਨਾਲ ਤਬਾਹ ਹੋਈ ਬਾਸਮਤੀ ਦੀ ਫਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਤੁਰੰਤ ਦਿੱਤਾ ਜਾਵੇ, ਸ਼ਹੀਦ ਪਰਿਵਾਰਾਂ ਦੇ ਇੱਕ ਜੀਅ ਨੂੰ ਮੰਨੀ ਹੋਈ ਮੰਗ ਮੁਤਾਬਕ ਨੌਕਰੀ ਦਿੱਤੀ ਜਾਵੇ, ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਮੁਆਵਜਾ ਤੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ, ਗੰਨੇ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਤੇ ਗੰਨੇ ਦਾ ਨਵੇਂ ਰੇਟ 360 ਰੁਪਏ ਅਨੁਸਾਰ ਨਵੀਂ ਪੈਮੇਂਟ ਕੀਤੀ ਜਾਵੇ, ਕਿਸਾਨਾਂ ਮਜਦੂਰਾਂ ਉੱਤੇ ਅੰਦੋਲਨ ਦੌਰਾਨ ਪਾਏ ਕੇਸ ਕੇਂਦਰ, ਯੂਪੀ,ਹਰਿਆਣਾ ਤੇ ਪੰਜਾਬ ਵਿੱਚ ਰੱਦ ਕੀਤੇ ਜਾਣ, ਪੰਜਾਬ ਵਿੱਚ ਲੱਖਾਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਸਾਰੇ ਵਿਭਾਗਾਂ ਵਿੱਚ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰ ਸਿਸਟਮ ਬੰਦ ਕੀਤਾ ਜਾਵੇ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣ।