ਬਿਊਰੋ ਰਿਪੋਰਟ (2 ਦਸੰਬਰ, 2025): ਸ਼ੰਭੂ-ਖਨੌਰੀ ਸਰਹੱਦ ’ਤੇ ਅੰਦੋਲਨ ਕਰਨ ਵਾਲੇ ਕਿਸਾਨ ਮਜ਼ਦੂਰ ਮੋਰਚਾ (KMM) ਨੇ 5 ਦਸੰਬਰ ਨੂੰ ਪੰਜਾਬ ਵਿੱਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕੇ.ਐੱਮ.ਐੱਮ. ਦੇ ਕਨਵੀਨਰ ਸਰਵਣ ਪੰਧੇਰ ਨੇ ਕਿਹਾ ਕਿ ਪੂਰੇ ਸੂਬੇ ਵਿੱਚ 26 ਥਾਵਾਂ ’ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ।
ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਯਾਨੀ 2 ਘੰਟੇ ਲਈ ਕੀਤਾ ਜਾਵੇਗਾ। ਇਸ ਦੌਰਾਨ ਰੋਡ ਜਾਮ ਨਹੀਂ ਹੋਵੇਗੀ। ਪੰਧੇਰ ਨੇ ਕਿਹਾ ਕਿ ਐੱਮ.ਐੱਸ.ਪੀ. (MSP) ਦੀ ਗਾਰੰਟੀ ਦੇ ਕਾਨੂੰਨ ਸਮੇਤ ਕਿਸਾਨਾਂ ਦੀਆਂ ਕਈ ਮੰਗਾਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਇਸ ਕਾਰਨ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਦੇ ਇਸ ਪ੍ਰਦਰਸ਼ਨ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ 19 ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀਆਂ ਕਈ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।
ਪੰਧੇਰ ਨੇ ਦੱਸੀਆਂ ਕਿਸਾਨਾਂ ਦੀਆਂ ਮੰਗਾਂ
ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਤੋਂ ਐੱਮ.ਐੱਸ.ਪੀ. ਦੀ ਗਾਰੰਟੀ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਿਜਲੀ ਸੁਧਾਰ ਬਿੱਲ-2025 ਵੀ ਰੱਦ ਨਹੀਂ ਕੀਤਾ ਗਿਆ। ਉਨ੍ਹਾਂ ਦੀ ਮੰਗ ਹੈ ਕਿ ਪ੍ਰੀਪੇਡ ਮੀਟਰ ਹਟਾ ਕੇ ਪੁਰਾਣੇ ਮੀਟਰ ਲਗਾਏ ਜਾਣ। ਇਸ ਤੋਂ ਇਲਾਵਾ, ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਜਨਤਕ ਜਾਇਦਾਦਾਂ ਨੂੰ ਜ਼ਬਰਦਸਤੀ ਵੇਚਣ, ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਅਣਦੇਖਿਆ ਕਰਨ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮੰਗਾਂ ’ਤੇ ਧਿਆਨ ਨਾ ਦਿੱਤਾ ਤਾਂ ਤੇਜ਼ ਹੋਵੇਗਾ ਅੰਦੋਲਨ
ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਧਿਆਨ ਨਹੀਂ ਦਿੰਦੀ ਤਾਂ ਅੰਦੋਲਨ ਹੋਰ ਤੇਜ਼ ਅਤੇ ਵਿਆਪਕ ਰੂਪ ਲੈ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਦਮ ਦਾ ਉਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ।

