ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਅੱਜ ਅਪ੍ਰੈਲ ਨੂੰ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਣਗੇ।
ਇੰਨਾ ਹੀ ਨਹੀਂ ਕਿਸਾਨਾਂ ਨੇ 9 ਅਪ੍ਰੈਲ ਨੂੰ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਰੇਲਵੇ ਦੇ ਨਾਲ-ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜੇਕਰ ਕਿਸਾਨ ਰੇਲ ਪਟੜੀਆਂ ‘ਤੇ ਬੈਠ ਗਏ ਤਾਂ ਦਿੱਲੀ ਤੋਂ ਪੰਜਾਬ ਆਉਣ ਵਾਲੀਆਂ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਣਗੀਆਂ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 10 ਫਰਵਰੀ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿੱਚ ਸੈਂਕੜੇ ਕਿਸਾਨਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ 5 ਕਿਸਾਨ ਆਗੂ ਅਜੇ ਵੀ ਜੇਲ੍ਹ ਵਿੱਚ ਹਨ।
ਰਵਿੰਦਰ ਸਿੰਘ ਅਤੇ ਅਮਰਜੀਤ ਸਿੰਘ 13 ਫਰਵਰੀ ਤੋਂ, ਅਨੀਸ਼ ਖਟਕੜ 19 ਮਾਰਚ ਤੋਂ ਜੀਂਦ ਜੇਲ੍ਹ ਵਿੱਚ ਬੰਦ ਹਨ। 28 ਮਾਰਚ ਨੂੰ ਅੰਬਾਲਾ ਪੁਲੀਸ ਨੇ ਨੌਜਵਾਨ ਕਿਸਾਨ ਆਗੂਆਂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 3 ਦਿਨ ਦੇ ਰਿਮਾਂਡ ਤੋਂ ਬਾਅਦ ਉਹ ਹੁਣ ਅੰਬਾਲਾ ਸੈਂਟਰਲ ਜੇਲ੍ਹ ਵਿੱਚ ਹੈ।