ਲੁਧਿਆਣਾ ਦੇ ਜਗਰਾਓਂ ‘ਚ ਝੋਨੇ ਦੀ ਖਰੀਦ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਚੌਕੀਮਾਨ ਟੋਲ ਪਲਾਜ਼ਾ ‘ਤੇ ਧਰਨਾ ਦੇ ਕੇ ਟੋਲ ਫਰੀ ਕਰ ਦਿੱਤਾ, ਜਿਸ ਕਾਰਨ ਟੋਲ ‘ਤੇ ਲੰਘਣ ਵਾਲੇ ਵਾਹਨ ਚਾਲਕ ਪਰਚੀ ਲਏ ਬਿਨਾਂ ਹੀ ਲੰਘਦੇ ਰਹੇ।
ਜਾਣਕਾਰੀ ਅਨੁਸਾਰ ਬੀਕੇਯੂ (ਉਗਰਾਹਾਂ) ਵੱਲੋਂ ਜ਼ਿਲ੍ਹਾ ਲੁਧਿਆਣਾ (ਦਿਹਾਤੀ) (ਏ-3) ਵਿੱਚ ਟੋਲ ਫਰੀ ਧਰਨਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਦਾ ਕੰਮ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਦੀ ਮੰਗ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਜਲਦੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਨਾ ਬੈਠਣਾ ਪਵੇ। ਇਸ ਮੌਕੇ ਸੁਦਾਗਰ ਸਿੰਘ ਹਰਨੇਕ ਸਿੰਘ ਗੁਰਪ੍ਰੀਤ ਸਿੰਘ ਚਮਕੌਰ ਸਿੰਘ ਆਦਿ ਹਾਜ਼ਰ ਸਨ।