The Khalas Tv Blog India ਚੋਣਾਂ ‘ਚ ਸੰਯੁਕਤ ਕਿਸਾਨ ਮੋਰਚੇ ਦਾ ਨਾਂ ਵਰਤਣ ਤੋਂ ਵਰਜਿਆ
India Punjab

ਚੋਣਾਂ ‘ਚ ਸੰਯੁਕਤ ਕਿਸਾਨ ਮੋਰਚੇ ਦਾ ਨਾਂ ਵਰਤਣ ਤੋਂ ਵਰਜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਹਾਲੇ ਉਡੀਕ ਕੀਤੀ ਜਾ ਰਹੀ ਹੈ ਪਰ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਦੋ ਮੈਂਬਰਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮੋਰਚੇ ਦਾ ਨਾਂ ਵਰਤਣ ਤੋਂ ਵਰਜ ਦਿੱਤਾ ਹੈ। ਕਮੇਟੀ ਦੇ ਮੈਂਬਰ ਜਗਜੀਤ ਸਿੰਘ ਡੱਲੇਵਾਲ ਅਤੇ ਡਾ.ਦਰਸ਼ਨਪਾਲ ਨੇ ਜਾਰੀ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਅਸੈਂਬਲੀ ਚੋਣਾਂ ਨਹੀਂ ਲੜੀਆਂ ਜਾ ਰਹੀਆਂ ਹਨ। ਦੂਜੇ ਪਾਸੇ 32 ਕਿਸਾਨ ਜਥੇਬੰਦੀਆਂ ਵਿੱਚੋਂ 23 ਦੇ ਚੋਣ ਮੈਦਾਨ ਵਿੱਚ ਨਿੱਤਰਨ ਦੇ ਸੰਕੇਤ ਮਿਲੇ ਹਨ। ਕੰਨਸੋਅ ਤਾਂ ਇਹ ਵੀ ਹੈ ਕਿ 23 ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਰਲ ਕੇ ਚੋਣਾਂ ਲੜ ਸਕਦੀਆਂ ਹਨ। ਇਸੇ ਕਰਕੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਚਰਚਾ ਛਿੜ ਗਈ ਹੈ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ-ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ‘ਤੇ ਬਣਿਆ ਇੱਕ ਥੜਾ ਹੈ, ਜਿਸ ਵਲੋਂ ਨਾ ਤਾਂ ਚੋਣਾਂ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ। ਬਾਕੀ ਬਚਦੀਆਂ ਮੰਗਾਂ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ।

ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜੇ ਵਿੱਚ ਚੋਣਾਂ ਵਿੱਚ ਸਾਂਝੇ ਤੌਰ ‘ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾਂ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀਂ ਵਰਤਣਗੇ। ਅਜਿਹਾ ਕਰਨ ‘ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕਿ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ( ਦਰਸ਼ਨਪਾਲ),ਬੀ ਕੇ ਯੂ ਕ੍ਰਾਂਤੀਕਾਰੀ ( ਸੁਰਜੀਤ ਫੂਲ), ਬੀ ਕੇ ਯੂ ਸਿੱਧੂਪੁਰ( ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ ( ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ ( ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ ( ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ( ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ( ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ( ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈਂਡ ਲਿਆ ਹੈ।

Exit mobile version