‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਅੱਜ ਵੱਡਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਲੀਡਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੋਂ ਹਰਿਆਣਾ ਸਰਕਾਰ ਨੇ ਪੁਲਿਸ ਫੋਰਸ ਅਤੇ ਆਰਏਐੱਫ ਦੇ ਜ਼ਰੀਏ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਹਜ਼ਾਰਾਂ ਕਿਸਾਨ ਟਰੈਕਟਰਾਂ, ਕਾਰਾਂ, ਜੀਪ, ਟਰੱਕਾਂ ਵਿੱਚ ਇੱਥੇ ਆਏ। ਸੋਸ਼ਲ ਮੀਡੀਆ ‘ਤੇ ਇਹ ਫੈਲਾਇਆ ਗਿਆ ਕਿ ਸੁਰੱਖਿਆ ਬਲਾਂ ਦੀਆਂ 35 ਬਟਾਲੀਅਨਾਂ ਤਾਇਨਾਤ ਕੀਤੀਆਂ ਗਈਆਂ ਹਨ, ਪਰ ਉੱਥੇ ਹੀ ਦੂਜੇ ਪਾਸੇ ਸਮਾਜ ਦੇ 36 ਭਾਈਚਾਰਿਆਂ ਦੀ ਏਕਤਾ ਨੇ ਇਹ ਸਾਬਤ ਕਰ ਦਿੱਤਾ ਕਿ ਲੋਕ ਹੁਣ ਅੱਤਿਆਚਾਰਾਂ ਨੂੰ ਬਰਦਾਸ਼ਤ ਨਹੀਂ ਕਰਨਗੇ।
ਕਿਸਾਨ ਲੀਡਰਾਂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਹਿਸਾਰ ਆਉਣ ਦੇ ਦਬਾਅ ਕਾਰਨ ਪ੍ਰਸ਼ਾਸਨ ਨੂੰ ਤੁਰੰਤ ਇੱਕ ਮੀਟਿੰਗ ਬੁਲਾਉਣੀ ਪਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਲੀਡਰਾਂ ਸਮੇਤ ਹਿਸਾਰ ਦੇ ਕਿਸਾਨਾਂ ਦੇ ਇੱਕ ਵਫ਼ਦ ਨੂੰ ਬੁਲਾਇਆ ਗਿਆ ਸੀ।
ਪ੍ਰਸ਼ਾਸਨ ਨਾਲ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਅਤੇ ਪ੍ਰਸ਼ਾਸਨ ਨੇ 16 ਮਈ ਨੂੰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਲਈ ਮੁਆਫੀ ਮੰਗੀ ਹੈ। ਇਸ ਮੀਟਿੰਗ ਵਿੱਚ ਮੁੱਖ ਤੌਰ ‘ਤੇ 3 ਫੈਸਲੇ ਲਏ ਗਏ ਸਨ।
• ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਦਰਜ ਹੋਏ ਸਾਰੇ ਪਰਚੇ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ। ਪ੍ਰਸ਼ਾਸਨ ਨੇ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਹੈ।
• ਪ੍ਰਸ਼ਾਸਨ ਨੇ ਅੱਜ ਪ੍ਰਦਰਸ਼ਨ ਦੌਰਾਨ ਜੋ ਕਿਸਾਨ ਸ਼ਹੀਦ ਹੋਇਆ ਹੈ, ਉਸਦੇ ਪਰਿਵਾਰ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।
• ਪ੍ਰਦਰਸ਼ਨ ਦੌਰਾਨ ਕਿਸਾਨਾਂ ਦੇ ਜੋ ਵਹੀਕਲ ਟੁੱਟੇ ਹਨ, ਵਹੀਕਲਾਂ ਦਾ ਜੋ ਨੁਕਸਾਨ ਹੋਇਆ ਹੈ, ਉਸਨੂੰ ਪ੍ਰਸ਼ਾਸਨ ਠੀਕ ਕਰਵਾਏਗਾ।
ਹਿਸਾਰ ਵਿੱਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਵਿੱਚ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਕਿਸਾਨ ਹਿਸਾਰ ਜ਼ਿਲ੍ਹੇ ਦੇ ਉਗਲਣ ਪਿੰਡ ਦਾ ਰਹਿਣ ਵਾਲਾ ਸੀ। ਕਿਸਾਨ ਲੀਡਰਾਂ ਨੇ ਮ੍ਰਿਤਕ ਕਿਸਾਨ ਨੂੰ ਸ਼ਰਧਾਂਜਲੀ ਦਿੱਤੀ। ਕਿਸਾਨ ਲੀਡਰਾਂ ਨੇ ਸਰਕਾਰ ਦੇ ਵਿਰੁੱਧ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ, ਮਜ਼ਦੂਰਾਂ ਨੂੰ ਸਲਾਮ ਕੀਤਾ। ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਰਨ, ਐੱਮ.ਐੱਸ.ਪੀ. ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ।
ਕਿਸਾਨ ਲੀਡਰਾਂ ਨੇ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਸ਼ਾਨਦਾਰ ਢੰਗ ਨਾਲ ਮਨਾਇਆ। ਕਿਸਾਨ ਲੀਡਰਾਂ ਨੇ ਕਿਹਾ ਕਿ 26 ਮਈ ਨੂੰ ਦਿੱਲੀ ਦੀਆਂ ਸਰਹੱਦਾਂ ਸਮੇਤ ਦੇਸ਼ ਦੇ ਸਾਰੇ ਕਿਸਾਨੀ ਧਰਨਿਆਂ ‘ਤੇ ਬੁੱਧਪੂਰਨੀਮਾ ਮਨਾਈ ਜਾਵੇਗੀ। ਇਸ ਮੌਕੇ ਮਹਾਤਮਾ ਬੁੱਧ ਦੇ ਵਿਚਾਰ ਪ੍ਰਸਾਰਿਤ ਕੀਤੇ ਜਾਣਗੇ।
ਕਿਸਾਨ ਲੀਡਰਾਂ ਨੇ ਕਿਸਾਨ ਅੰਦੋਲਨ ਦੇ 6 ਮਹੀਨੇ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ 7 ਸਾਲ ਪੂਰੇ ਹੋਣ ‘ਤੇ ਮੋਦੀ ਸਰਕਾਰ ਦੇ ਵਿਰੋਧ ਵਜੋਂ 26 ਮਈ ਨੂੰ ਵਿਰੋਧ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦਿਨ ਕਿਸਾਨ ਲੀਡਰਾਂ ਨੇ ਦੇਸ਼ ਵਾਸੀਆਂ ਨੂੰ ਆਪਣੇ ਘਰਾਂ, ਦੁਕਾਨਾਂ, ਵਾਹਨਾਂ ‘ਤੇ ਕਾਲੇ ਝੰਡੇ ਲਗਾ ਕੇ ਮੋਦੀ ਸਰਕਾਰ ਦਾ ਵਿਰੋਧ ਕਰਨ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਮਈ ਦਾ ਰੋਸ ਦਿਵਸ ਸਰਕਾਰ ਦੀਆਂ ਜ਼ਾਲਮ ਨੀਤੀਆਂ ਖ਼ਿਲਾਫ਼ ਆਵਾਜ਼ ਨੂੰ ਹੋਰ ਤੇਜ਼ ਕਰੇਗਾ।