Khetibadi Punjab

ਪੁਲਿਸ ਪ੍ਰਸਾਸ਼ਨ ਨੂੰ ਸਿੱਧੇ ਹੋਏ ਕਿਸਾਨ, ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਹੋਈ ਤਿੱਖੀ ਬਹਿਸ

ਗੁਰਦਾਸਪੁਰ ਦੇ ਪਿੰਡ ਨੰਗਲ ਝੋਰ ਵਿੱਚ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਕਾਰ ਤਿੱਖੀ ਝੜਪ ਹੋਈ।

ਕਿਸਾਨਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇਅ ਅਥਾਰਟੀ (NHAI) ਦੇ ਅਧਿਕਾਰੀਆਂ ਨੇ ਬਿਨਾਂ ਪੂਰਵ ਸੂਚਨਾ ਅਤੇ ਮੁਆਵਜ਼ੇ ਦੇ ਜ਼ਮੀਨ ‘ਤੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਸਵੇਰੇ ਵੱਡੀਆਂ ਮਸ਼ੀਨਾਂ ਨਾਲ ਪਹੁੰਚੇ ਅਧਿਕਾਰੀਆਂ ਨੇ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਕਿਸਾਨਾਂ ਨੇ ਸਖ਼ਤ ਵਿਰੋਧ ਕੀਤਾ।

ਕਿਸਾਨਾਂ ਨੇ ਮਸ਼ੀਨਾਂ ਨੂੰ ਖੇਤਾਂ ਵਿੱਚ ਹੀ ਰੋਕ ਦਿੱਤਾ ਅਤੇ ਮਸ਼ੀਨਾਂ ‘ਤੇ ਚੜ੍ਹ ਕੇ ਝੰਡੇ ਲਹਿਰਾਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ‘ਤੇ ਜ਼ੁਲਮ ਕੀਤਾ ਅਤੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ।

ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਵੀ ਕੇਂਦਰ ਨਾਲ ਮਿਲੀ ਹੋਈ ਹੈ ਅਤੇ ਕਿਸਾਨਾਂ ਦੀ ਜ਼ਮੀਨ ਘੱਟ ਮੁੱਲ ‘ਤੇ ਹਥਿਆਉਣ ਦੀ ਸਾਜ਼ਿਸ਼ ਕਰ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਮੀਨ ਦਾ ਕਬਜ਼ਾ ਜ਼ਬਰਦਸਤੀ ਨਾ ਲਿਆ ਜਾਵੇ। ਇਸ ਘਟਨਾ ਨੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ, ਅਤੇ ਕਿਸਾਨ ਅਗਲੇ ਵਿਰੋਧ ਦੀ ਯੋਜਨਾ ਬਣਾ ਰਹੇ ਹਨ।