India Punjab

ਮੁੜ ਸ਼ੁਰੂ ਹੋਵੇਗਾ ਕਿਸਾਨਾਂ ਦਾ ਮੋਰਚਾ

ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕਿਸਾਨ ਸੰਘਰਸ਼ ਦੌਰਾਨ ਉੱਠੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਕਮੇਟੀ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਮੇਤ ਮੁਲਕ ਦੇ ਵੱਖ-ਵੱਖ ਥਾਵਾਂ ’ਤੇ ਚੱਲੇ ਕਿਸਾਨ ਅੰਦੋਲਨ ਤੋਂ ਬਾਅਦ ਕੇਂਦਰ ਸਰਕਾਰ ਨੇ 19 ਨਵੰਬਰ ਨੂੰ ਇਹ ਤਿੰਨੇ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ। ਬਾਕੀ ਰਹਿੰਦੀਆਂ ਮੰਗਾਂ ਲਈ 9 ਦਸੰਬਰ ਨੂੰ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਲਿਖਤੀ ਰੂਪ ’ਚ ਪੱਤਰ ਭੇਜ ਕੇ ਸਮਾਂ ਰਹਿੰਦਿਆਂ ਮੰਗਾਂ ਪੂਰੀਆਂ ਕਰਨ ਦਾ ਲਿਖਤੀ ਭਰੋਸਾ ਵੀ ਦਿਵਾਇਆ ਸੀ ਪਰ ਲਗਪਗ ਡੇਢ ਮਹੀਨਾ ਬੀਤਣ ਮਗਰੋਂ ਵੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ।

ਉਨ੍ਹਾਂ ਨੇ ਕਿਹਾ ਕਿ ਇਸ ਦੇ ਵਿਰੋਧ ਵਿੱਚ 31 ਜਨਵਰੀ ਨੂੰ ਮੁਲਕ ਪੱਧਰ ’ਤੇ ਡੀਸੀ ਤੇ ਐੱਸਡੀਐਮਜ਼ ਦਫ਼ਤਰਾਂ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕ ਕੇ  ਰੋਸ ਮੁਜ਼ਾਹਰਾ ਕਰਦਿਆਂ ਸੰਘਰਸ਼ ਦਾ ਮੁੜ ਮੁੱਢ ਬੰਨ੍ਹਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਫੈ਼ਸਲਾ ਕੀਤਾ ਗਿਆ ਕਿ ਇਨ੍ਹਾਂ ਰੋਸ ਮੁਜ਼ਾਹਰਿਆਂ ਨੂੰ 32 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਲਾਗੂ ਕਰਵਾਉਣ ਲਈ ਯਤਨ ਜਾਰੀ ਰੱਖੇ ਜਾਣ। ਇਸ ਦੇ ਨਾਲ ਹੀ ਇਸ ਸਾਲ ਪਏ ਭਰਵੇਂ ਮੀਂਹ ਕਾਰਨ ਆਲੂਆਂ ਅਤੇ ਸਬਜ਼ੀਆਂ ਦੇ ਖਰਾਬੇ ਦੇ ਮੁਆਵਜ਼ੇ ਲਈ ਵੀ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ, ਕਾਲਜ ਖੁੱਲ੍ਹਵਾਉਣ ਲਈ 4 ਫਰਵਰੀ ਨੂੰ ਦੋ ਘੰਟਿਆਂ ਲਈ ਸੜਕਾਂ ਜਾਮ ਕੀਤੀਆਂ ਜਾਣਗੀਆਂ। ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਮੌਕੇ ਕਿਸੇ ਵੀ ਪਾਰਟੀ ਦੀ ਸਿੱਧੇ ਜਾਂ ਅਸਿੱਧੇ ਢੰਗ ਨਾਲ ਕੋਈ ਮਦਦ ਨਹੀਂ ਕੀਤੀ ਜਾਵੇਗੀ।