ਅੰਮ੍ਰਿਤਸਰ : ਲਖੀਮਪੁਰ ਖੀਰੀ ਮਾਮਲੇ ‘ਚ ਕਿਸਾਨਾਂ ਨੇ ਮੁੜ ਤੋਂ ਮੋਰਚਾ ਖੋਲ ਦਿੱਤਾ ਹੈ। ਲਖੀਪਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨ ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਅੱਜ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾ ਰਹੀਆਂ ਹਨ ਅਤੇ ਸਰਕਾਰ ਦੀ ਅਰਥੀ ਫੂਕ ਰਹੀਆਂ ਹਨ।
ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਨੇ ਅੱਜ ਲਖੀਪਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਸੂਬੇ ਦੇ 14 ਜਿਲ੍ਹਿਆਂ ਵਿੱਚ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਸਾਹਮਣੇ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ ਮਿਸ਼ਰਾ ਦੇ ਪੁਤਲੇ ਵੀ ਸਾੜੇ। ਪੰਧੇਰ ਨੇ ਐਲਾਨ ਕੀਤਾ ਕਿ ਇਸ ਵਾਰ ਕਿਸਾਨ 23-24 ਅਕਤੂਬਰ ਨੂੰ ਕਿਸਾਨ ਮਜ਼ਦੂਰ ਦੁਸ਼ਹਿਰਾ ਮਨਾਉਣਗੇ। ਕਿਸਾਨ ਇਸ ਵਾਰ ਦੁਸ਼ਹਿਰਾ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲਾ ਸਾੜ ਕੇ ਮਨਾਉਣਗੇ।
ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸਰਕਾਰ ਨੂੰ ਇੱਕ ਸਵਾਲ ਪੁੱਛਦਿਆਂ ਕਿਹਾ ਕਿ ਸਬੂਤਾਂ ਦੇ ਬਾਵਜੂਦ ਵੀ 302 ਕੇਸ ਦੇ ਦੋਸ਼ੀ ਬਾਹਰ ਕਿਉਂ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਤਾਂ 2024 ਵਿੱਚ ਲੋਕ ਖੁਦ ਇਸਦਾ ਜਵਾਬ ਦੇਣਗੇ।
ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ 4 ਕਿਸਾਨਾਂ ਨੂੰ ਇੱਕ ਗੱਡੀ ਨੇ ਕੁਚਲ ਦਿੱਤਾ ਸੀ,ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਘਟਨਾ ਤੋਂ ਬਾਅਦ ਗ਼ੁੱਸੇ ‘ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।