Khetibadi Punjab

ਕਿਸਾਨਾਂ ਦੇ ਸੱਦੇ ’ਤੇ ਅੱਜ ਸੂਬੇ ਭਰ ’ਚ 150 ਥਾਵਾਂ ’ਤੇ ਰਿਹਾ ਚੱਕਾ ਜਾਮ! ਜੇ ਹਾਲਾਤ ਨਾ ਸੁਧਰੇ ਤਾਂ 29 ਨੂੰ ਫੇਰ ਵੱਡੇ ਐਕਸ਼ਨ ਦੀ ਚੇਤਾਵਨੀ

ਬਿਉਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ 150 ਦੇ ਲਗਭਗ ਥਾਵਾਂ ’ਤੇ ਚੱਕਾ ਜਾਮ ਕਰਕੇ ਕਿਸਾਨਾਂ ਨੇ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੀ ਸੁਸਤ ਰਫ਼ਤਾਰ ਵਿਰੁੱਧ ਆਪਣੇ ਸਖ਼ਤ ਰੋਹ ਦਾ ਪ੍ਰਗਟਾਵਾ ਕੀਤਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਕਾ ਜਾਮ ਕਰਨ ਦਾ ਸਿਲਸਿਲਾ 11 ਵਜੇ ਸ਼ੁਰੂ ਹੋਕੇ ਸ਼ਾਮ ਦੇ ਤਿੰਨ ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਦਬਾਅ ਸਦਕਾ ਭਾਵੇਂ ਲਿਫਟਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਨੂੰ ਇਸ ਕੰਮ ਨੂੰ ਜੰਗੀ ਮੁਹਿੰਮ ਦੀ ਤਰ੍ਹਾਂ ਹੱਥ ਲੈਣਾ ਪਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਵੇਗਾ।

ਕਿਸਾਨ ਮੋਰਚੇ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਨੂੰ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਦੋ ਦਿਨਾਂ ਵਿੱਚ ਸੁਚਾਰੂ ਕਰਨ ਦਾ ਭਰੋਸਾ ਦਿੱਤਾ ਸੀ ਜਦੋਂ ਕਿ ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ ਧਰਨਾ ਖ਼ਤਮ ਕਰਦਿਆਂ ਮੁੱਖ ਮੰਤਰੀ ਨੂੰ ਚਾਰ ਦਿਨ ਦੀ ਮੋਹਲਤ ਦਿੱਤੀ ਸੀ। ਇਸ ਦੇ ਬਾਵਜੂਦ ਖ੍ਰੀਦ ਅਤੇ ਲਿਫਟਿੰਗ ਦਾ ਮਾਮਲਾ ਕੀੜੀ ਦੀ ਰਫ਼ਤਾਰ ਨਾਲ ਚੱਲਣ ਕਾਰਨ ਮਜਬੂਰ ਹੋ ਕੇ ਸੰਯੁਕਤ ਕਿਸਾਨ ਮੋਰਚਾ ਨੂੰ ਚੱਕਾ ਜਾਮ ਵਰਗਾ ਕਦਮ ਚੁੱਕਣਾ ਪਿਆ।

ਵੱਖ-ਵੱਖ ਥਾਵਾਂ ਤੇ ਇਕੱਠਾ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਮੰਡੀਕਰਨ ਦੇ ਸਮੁੱਚੇ ਢਾਂਚੇ ਨੂੰ ਤਬਾਹ ਕਰਨ ਦੇ ਨਾਲ ਨਾਲ ਜਨਤਕ ਵੰਡ ਪ੍ਰਣਾਲੀ ਤੋਂ ਲਗਾਤਾਰ ਹੱਥ ਪਿੱਛੇ ਖਿੱਚੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਵੀ ਕੀਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋਂ ਗੋਦਾਮਾਂ ਅਤੇ ਸ਼ੈਲਰਾਂ ਵਿਚੋਂ ਲਿਫਟਿੰਗ ਨਹੀ ਕੀਤੀ ਗਈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਸਲੇ ਤੇ ਘੇਸਲ ਮਾਰ ਕੇ ਬੈਠੀ ਰਹੀ। ਦੋਹਾਂ ਸਰਕਾਰਾਂ ਦੀਆਂ ਬਦਨੀਤੀ ਕਾਰਨ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ ਹੈ। ਉਸਦੀ ਮਜਬੂਰੀ ਦਾ ਫਾਇਦਾ ਉਠਾਉਂਦੇ ਹੋਏ ਰੇਟ ਤੇ ਕੱਟ ਲਗਾਕੇ ਉਸਨੂੰ ਦੂਹਰੀ ਮਾਰ ਮਾਰੀ ਜਾ ਰਹੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਲੋਕਾਂ ਨੂੰ ਹਰਗਿਜ਼ ਵੀ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦਾ ਪਰ ਸਰਕਾਰਾਂ ਵਲੋਂ ਅਪਣਾਈ ਜਾ ਰਹੀ ਦੂਸ਼ਣਬਾਜ਼ੀ ਦੀ ਸਿਆਸਤ ਵਿੱਚ ਪਿੱਸ ਰਹੇ ਕਿਸਾਨਾਂ ਮਜਦੂਰਾਂ ਨੂੰ ਲਵਾਰਿਸ ਨਹੀ ਛੱਡ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਹਰ ਕਿਸਮ ਦੀ ਤਕਲੀਫਾਂ ਝੱਲ ਕੇ ਪੈਦਾ ਕੀਤੀ ਫ਼ਸਲ ਨੂੰ ਰੁਲਣ ਤੋਂ ਬਚਾਉਣ ਲਈ ਵੀ ਜੇ ਸੜਕਾਂ ਤੇ ਜੂਝਣਾ ਪੈ ਜਾਵੇ ਤਾਂ ਸਮਾਜ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਦੀ ਦੁੱਖ ਤਕਲੀਫ ਨੂੰ ਲੋਕਾਂ ਨੂੰ ਸਮਝਣਾ ਪਵੇਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵੱਲੋਂ ਚੱਕਾ ਜਾਮ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

ਚੱਕਾ ਜਾਮ ਦੌਰਾਨ ਪੰਜਾਬ ਸਰਕਾਰ ਤੋਂ ਇਸਦੀ ਵੀ ਪੁਰਜ਼ੋਰ ਮੰਗ ਕੀਤੀ ਗਈ ਕਿ ਡੀਏਪੀ ਦਾ ਤੁਰੰਤ ਪ੍ਰਬੰਧ ਕਰਨ ਦੇ ਨਾਲ ਨਾਲ ਖਾਦ ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਈ ਜਾਵੇ। ਬਾਸਮਤੀ ਦਾ ਐਮ ਐਸ ਪੀ ਦੇਕੇ ਬਾਸਮਤੀ ਕਾਸ਼ਤਕਾਰਾਂ ਨੂੰ ਰਾਹਤ ਮੁਹੱਈਆ ਕਰਵਾਏ।