ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਗੋਲ਼ੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ 1 ਕਰੋੜ ਦਾ ਮੁਆਵਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਭੈਣ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਇਸ ’ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੂੰ ਇੱਕ ਕਰੋੜ ਰੁਪਏ ਦਾ ਮੁਆਵਜੇ ਦਾ ਚੈੱਕ ਅਤੇ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਾ ਜੁਆਇਨਿੰਗ ਲੈਟਰ ਦੇ ਕੇ ਅੱਜ ਤੋਂ ਹੀ ਪੰਜਾਬ ਪੁਲਸ ਵਿੱਚ ਨੌਕਰੀ ਦੇ ਦਿੱਤੀ ਗਈ ਹੈ ਅਤੇ ਵਿਧਾਨ ਸਭਾ ਦੇ ਇਜਲਾਸ ਵਿੱਚ ਮਤਾ ਲਿਆ ਕੇ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਗਿਆ।
ਕਿਸਾਨ ਆਗੂ ਨੇ ਅੱਗੇ ਗੱਲਬਾਤ ਕਰਦੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਵੱਲੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਨਾਮ ਉੱਪਰ ਪਿੰਡ ਵਿੱਚ ਇੱਕ ਖੇਡ ਸਟੇਡੀਅਮ ਅਤੇ ਪਿੰਡ ਦੇ ਸਕੂਲ ਨੂੰ ਅਪਗ੍ਰੇਡ ਕਰਨ ਦਾ ਅਤੇ ਮੇਨ ਸੜਕ ਤੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਘਰ ਤੱਕ ਪੱਕੀ ਸੜਕ ਬਣਾਉਣ ਦਾ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਵਾਅਦਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਦਿੱਲੀ ਕੂਚ ਸਮੇਂ 21 ਫਰਵਰੀ ਨੂੰ ਹਰਿਆਣਾ ਸਰਕਾਰ ਦੀ ਗੋਲੀ ਨਾਲ ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਮੁਆਵਜ਼ਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਪਰ ਐਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਉਪਰੰਤ ਦੋਨਾਂ ਫੋਰਮਾ ਵੱਲੋਂ 12 ਜੁਲਾਈ ਨੂੰ ਡੀਸੀ ਅਤੇ ਐਸ.ਐਸ.ਪੀ ਦਫਤਰ ਬਠਿੰਡਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ।
ਉਕਤ ਪ੍ਰੋਗਰਾਮ ਸਬੰਧੀ ਪ੍ਰਸ਼ਾਸਨ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤਹਿ ਕਰਵਾਈ ਗਈ। ਅੱਜ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਐਸਕੇਐਮ ਗੈਰ-ਰਾਜਨੀਤਿਕ, ਕੇਐਮਐਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ, ਕਾਕਾ ਸਿੰਘ ਕੋਟੜਾ, ਲਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਘੁਮਾਣਾ, ਅਨੀਸ਼ ਖਟਕੜ ਟੋਲ, ਹਰੀਕੇਸ਼ ਜੀਂਦ ਅਤੇ ਸ਼ਹੀਦ ਸ਼ੁਭਕਰਨ ਸਿੰਘ ਦਾ ਪਰਿਵਾਰ ਸ਼ਾਮਿਲ ਹੋਏ।
ਉੱਧਰ ਇਸ ਬਾਰੇ ਸਰਕਾਰ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਸ਼ਹੀਦ ਦੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ।
ਮੁੱਖ ਮੰਤਰੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਅਨਾਜ ਪੱਖੋਂ ਆਤਮ ਨਿਰਭਰ ਮੁਲਕ ਬਣਿਆ ਜਿਸ ਕਰਕੇ ਦੇਸ਼ਵਾਸੀ ਕਿਸਾਨਾਂ ਦੇ ਰਿਣੀ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਆਪਣੇ ਸੀਮਤ ਕੁਦਰਤੀ ਵਸੀਲਿਆਂ ਦੇ ਬਾਵਜੂਦ ਸੂਬੇ ਦੇ ਕਿਸਾਨਾਂ ਨੇ ਦੇਸ਼ ਲਈ ਅਨਾਜ ਪੈਦਾ ਕਰਨ ਵਾਸਤੇ ਖੇਤਾਂ ਵਿੱਚ ਮੁੜਕਾ ਵਹਾਇਆ ਅਤੇ ਇੱਥੋਂ ਤੱਕ ਕਿ ਇਸ ਦੀ ਖਾਤਰ ਕਿਸਾਨਾਂ ਨੇ ਪਾਣੀ ਤੇ ਜਰਖੇਜ਼ ਮਿੱਟੀ ਨੂੰ ਵੀ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਜਾਵੇ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਸਿਰਤੋੜ ਯਤਨ ਕਰ ਰਹੀ ਹੈ।