ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਦਿੱਲੀ ਕੂਚ ਕਰ ਰਹੇ ਹਾਂ ਪਰ ਸਰਕਾਰ ਨਾਲ ਕਿਸੇ ਵੀ ਤਰੀਕੇ ਦਾ ਟਕਰਾਰ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਦੋ ਸਾਲ ਪਹਿਲਾਂ ਸਾਡੀਆਂ ਮੰਗਾਂ ਮੰਨੀਆਂ ਸਨ ਪਰ ਹੁਣ ਉਹ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦੇਣ ਤੋਂ ਇਨਕਾਰੀ ਹੋ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਇਸ ਕਰ ਕੇ ਫੇਲ੍ਹ ਹੋਈ ਕਿਉਂਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ।
ਉਹਨਾਂ ਦੀ ਪ੍ਰੈਸ ਕਾਨਫਰੰਸ ਉਪਰੰਤ ਟਰੈਕਟਰ ਟਰਾਲੀਆਂ ਲੈ ਕੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ ਹੈ। ਇਥੋਂ ਸੈਂਕੜੇ ਦੀ ਗਿਣਤੀ ਵਿਚ ਟਰਾਲੀਆਂ ਲੈ ਕੇ ਕਿਸਾਨ ਰਵਾਨਾ ਹੋ ਰਹੇ ਹਨ ਜਿਹਨਾਂ ਨੇ 6-6 ਮਹੀਨੇ ਦਾ ਰਾਸ਼ਨ ਆਪਣੇ ਕੋਲ ਰੱਖਿਆ ਹੈ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਕੋਈ ਨਵੀਆਂ ਮੰਗਾਂ ਨਹੀਂ ਹਨ ਪਰ ਸਰਕਾਰ ਵੱਲੋ ਮੰਨੀਆਂ ਪੁਰਾਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹੀ ਸੰਘਰਸ਼ ਕੀਤਾ ਜਾ ਰਿਹਾ ਹੈ। ਡੱਲੇਵਾਲ ਨੇ ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਆਪਣੀਆਂ ਮੰਗਾਂ ਲਈ ਲੜ ਰਿਹਾ ਹੈ। ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਸਨ ਪਰ ਲਾਗੂ ਨਹੀਂ ਕੀਤੇ। ਹੁਣ ਵਾਅਦੇ ਪੂਰੇ ਕਰਵਾਉਣ ਲਈ ਕਿਸਾਨਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।
ਕਿਸਾਨ ਅੰਦੋਲਨ ਦੌਰਾਨ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਕਾਨੂੰਨ ਬਣਾਉਣ, ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ, ਲਖੀਮਪੁਰ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ, ਖੇਤੀ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਣ ਦੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ।
ਹਰਿਆਣਾ ਅਤੇ ਗੁਰਨਾਮ ਸਿੰਘ ਚੜੂਨੀ ਦੀ ਕਿਸਾਨ ਜਥੇਬੰਦੀਆਂ ਦੇ ਸਮਰਥਨ ’ਤੇ ਡੱਲੇਵਾਲ ਨੇ ਕਿਹਾ ਕਿ ਐੱਸਕੇਐੱਮ ਨੇ ਕਿਸੇ ਨੂੰ ਵਿਸ਼ੇਸ਼ ਪੱਤਰ ਨਹੀਂ ਭੇਜਿਆ। ਹਰ ਕੋਈ ਆਪਣੇ-ਆਪ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਯੂਪੀ ਦੀਆਂ 10 ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਸਮਰਥਨ ਦਾ ਭਰੋਸਾ ਦਿੱਤਾ ਸੀ। ਅਜਿਹੀ ਹਾਲਤ ਵਿੱਚ ਜੇ ਚੜੂਨੀ ਆਉਣਾ ਚਾਹੇ ਤਾਂ ਆ ਸਕਦੀ ਹੈ। ਪਰ ਰਾਜਨੀਤੀ ਨਾ ਕਰੇ।
ਇਸ ਮੌਕੇ ਭਾਰਤੀ ਕਿਸਾਨ ਨੌਜਵਾਨ ਯੂਨੀਅਨ ਦੇ ਸੰਸਥਾਪਕ ਅਭਿਮਨਿਊ ਗੌੜ ਨੇ ਕਿਹਾ ਕਿ ਕਿਸਾਨਾਂ ਵੱਲੋਂ ਇੱਕ ਇਤਿਹਾਸਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨ ਕਿਸਾਨ ਵੀ ਭਾਗ ਲੈ ਰਹੇ ਹਨ, ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਹਰਿਆਣਾ ਵਿੱਚ ਵੀ ਕਿਸਾਨਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।