‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਅੰਦੋਲਨ ਸਬੰਧੀ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਕਿਸਾਨੀ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਬਾਰੇ ਵੀ ਜ਼ਿਕਰ ਕੀਤਾ ਹੈ। ਕਿਸਾਨ ਲੀਡਰਾਂ ਨੇ ਮੋਦੀ ਨੂੰ ਪੈਂਡੂ ਖੇਤਰਾਂ ਅਤੇ ਆਮ ਨਾਗਰਿਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਹੈ।
ਕਿਸਾਨ ਲੀਡਰਾਂ ਨੇ ਚਿੱਠੀ ਵਿੱਚ ਮੋਦੀ ਨੂੰ ਕਿਹਾ ਹੈ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਕਰਕੇ ਸਰਕਾਰ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਕਿਸਾਨਾਂ ਵੱਲੋਂ ਨਕਾਰੇ ਗਏ ਖੇਤੀ ਕਾਨੂੰਨਾਂ ਨੂੰ ਲਾਗੂ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਦੇਸ਼ ਦੇ ਲੋਕਤੰਤਰੀ ਅਤੇ ਮਨੁੱਖੀ ਕਦਰਾਂ ਕੀਮਤਾਂ ਦੇ ਖ਼ਿਲਾਫ਼ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਕਿਸਾਨ ਆਪਣਾ ਪ੍ਰਦਰਸ਼ਨ ਸ਼ਾਂਤਮਈ ਜਾਰੀ ਰੱਖਣਗੇ।
ਕਿਸਾਨਾਂ ਨੇ ਅੱਜ ਵਾਤਾਵਰਣ ਪ੍ਰੇਮੀ ਅਤੇ ਅੰਦੋਲਨਕਾਰੀ ਸੁੰਦਰ ਲਾਲ ਬਹੁਗੁਣਾ ਦੇ ਦਿਹਾਂਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸੁੰਦਰ ਲਾਲ ਬਹੁਗੁਣਾ ਕਈ ਅੰਦੋਲਨਾਂ ਦੇ ਲੀਡਰ ਸਨ ਅਤੇ ਉਨ੍ਹਾਂ ਨੇ ਦੇਸ਼ ਅਤੇ ਵਿਸ਼ਵ ਦੇ ਲੋਕਾਂ ਦੀ ਵਾਤਾਵਰਣ ਬਾਰੇ ਸਮਝ ਵਧਾਈ ਅਤੇ ਲੋਕਾਂ ਨੂੰ ਵਾਤਾਵਰਣ ਨਾਲ ਜੋੜਿਆ ਸੀ। ਕਿਸਾਨਾਂ ਨੇ ਕਰਨਾਟਕ ਦੇ ਕਿਸਾਨ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬਾ ਗੌੜਾ ਪਾਟਿਲ ਦੀ ਮੌਤ ‘ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।