ਚੰਡੀਗੜ੍ਹ : ਅੱਜ 22 ਅਗਸਤ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਪਰ ਪੰਜਾਬ-ਹਰਿਆਣਾ ਪੁਲਿਸ ਨੇ ਸਾਰੇ ਵੱਡੇ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਮੋਹਾਲੀ-ਚੰਡੀਗੜ੍ਹ ਬਾਰਡਰ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਪੂਰੀ ਤਰ੍ਹਾਂ ਨਾਲ ਘੇਰਾ ਪਾ ਲਿਆ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੇ ਰਾਜਪੁਰਾ-ਅਜ਼ੀਜਪੁਰ ਟੋਲ ਪਲਾਜ਼ਾ , ਮੁਹਾਲੀ-ਚੰਡੀਗੜ੍ਹ ਬਾਰਡਰ , ਸੰਭੂ ਬਾਰਡਰ , ਲਾਂਡਰਾ ਮੁਹਾਲੀ ਰੋੜ , ਨਿਊ ਚੰਡੀਗੜ੍ਹ-ਚੰਡੀਗੜ੍ਹ ਐਂਟਰੀ ਪੁਆਇੰਟ, ਫੇਜ਼-6 ਮੋਹਾਲੀ ਤੋਂ ਚੰਡੀਗੜ੍ਹ ਸੈਕਟਰ-39 ਜੀਰੀ ਮੰਡੀ ਮੁੱਖ ਮਾਰਗ ਵਰਗੇ ਕਈ ਮੁੱਖ ਪੁਆਇੰਟਾਂ ‘ਤੇ ਪਹਿਲਾਂ ਹੀ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲੀਸ-ਪ੍ਰਸ਼ਾਸਨ ਵੱਲੋਂ ਸ਼ਹਿਰ ਨੂੰ ਟ੍ਰਾਈਸਿਟੀ ਨਾਲ ਜੋੜਨ ਵਾਲੇ 27 ਪੁਆਇੰਟਾਂ ’ਤੇ ਵੱਡੀ ਗਿਣਤੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਹਜ਼ਾਰਾਂ ਕਿਸਾਨ ਚੰਡੀਗੜ੍ਹ ਵੱਲ ਮਾਰਚ ਕਰਨਗੇ। ਪਰ ਕਿਸਾਨ ਆਗੂਆਂ ਨੂੰ ਪੰਜਾਬ ਪੁਲਿਸ-ਪ੍ਰਸ਼ਾਸਨ ਵੱਲੋਂ ਇੱਕ ਦਿਨ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ ਇਸ ਤੋਂ ਨਾਰਾਜ਼ ਕਿਸਾਨਾਂ ਨੇ ਪੁਲਿਸ ਦੀ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ। ਸੰਗਰੂਰ ਲੌਂਗੋਵਾਲ ‘ਚ ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿੱਚ ਇੱਕ ਕਿਸਾਨ ਦੀ ਟਰਾਲੀ ਹੇਠ ਆਉਣ ਨਾਲ ਮੌਤ ਹੋ ਗਈ ਹੈ। ਗ਼ੁੱਸੇ ਵਿੱਚ ਆਏ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਲੌਂਗੋਵਾਲ ਥਾਣੇ ਅੱਗੇ ਧਰਨਾ ਦਿੱਤਾ ਹੈ।
ਪੁਲਿਸ ਦੀ ਇਸ ਕਾਰਵਾਈ ਤੋਂ ਨਾਰਾਜ਼ ਕਿਸਾਨ ਮੋਗਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਜਦਕਿ ਤਰਨਤਾਰਨ ਦੇ ਟੋਲ ਪਲਾਜ਼ਾ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਅਤੇ ਸੂਬਾ ਸਰਕਾਰ ਨੂੰ ਕਿਸਾਨ ਆਗੂਆਂ ਨੂੰ ਰਿਹਾਅ ਨਾ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਹੈ।
ਦੂਜੇ ਪਾਸੇ ਗੰਨਾ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨ ਆਗੂਆਂ ਨੂੰ ਮਾਣ-ਸਨਮਾਨ ਨਾਲ ਰਿਹਾਅ ਕੀਤਾ ਜਾਵੇ ਨਹੀਂ ਤਾਂ ਵੱਡਾ ਅੰਦੋਲਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰਜੀਤ ਸਿੰਘ ਮੋਹਾੜੀ ਨੇ ਕਿਸਾਨਾਂ ਨੂੰ ਇੱਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ ਹੈ। ਨੇ ਕਿਹਾ ਕਿ ਕਿਸਾਨ ਅੰਦੋਲਨ ਆਪਣੀ ਅਗਵਾਈ ਹੇਠ ਲੜਨ।
ਦੱਸ ਦੇਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਚੰਡੀਗੜ੍ਹ ਵਿੱਚ ਧਰਨਾ ਦੇਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੇ। ਇਸ ਦੌਰਾਨ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ।ਜਿਸ ਦੇ ਵਿਰੋਧ ਵਜੋਂ ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਟੋਲ਼ ਪਲਾਜ਼ਿਆਂ ‘ਤੇ ਧਰਨੇ ਸ਼ੁਰੂ ਕਰਕੇ ਫ਼ਰੀ ਕਰ ਦਿੱਤੇ ਗਏ ਸਨ।
ਕਿਸਾਨਾਂ ਦੀਆਂ ਮੰਗਾਂ
• ਕੇਂਦਰ ਸਰਕਾਰ ਵੱਲੋਂ ਹੜ੍ਹਾਂ ਨਾਲ਼ ਹੋਏ ਨੁਕਸਾਨ ਦਾ ਤਕਰੀਬਨ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ
• ਸਰਕਾਰ ਘੱਗਰ ਦਰਿਆ ਪਲਾਨ ਮੁਤਾਬਕ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ
• ਹੜ੍ਹਾਂ ਨਾਲ਼ ਮਾਰੀਆਂ ਗਈਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ
• ਮਾਰੇ ਗਏ ਪਸ਼ੂ ਧਨ ਦਾ 1 ਲੱਖ, ਢਹਿ ਚੁੱਕੇ ਘਰਾਂ ਦਾ 5 ਲੱਖ ਅਤੇ ਜਾਨੀ ਨੁਕਸਾਨ ਦਾ ਪਰਿਵਾਰ ਨੂੰ 10 ਲੱਖ ਮੁਆਵਜ਼ਾ ਦਿੱਤਾ ਜਾਵੇ
• ਜਿਨ੍ਹਾਂ ਖੇਤਾਂ ਵਿੱਚ ਰੇਤ ਭਰ ਗਈ ਹੈ, ਉਨ੍ਹਾਂ ਲਈ ਮਾਈਨਿੰਗ ਦਾ ਪ੍ਰਬੰਧ ਕੀਤਾ ਜਾਵੇ, ਪ੍ਰਭਾਵਿਤ ਹੋਏ ਬੋਰਵੈਲ ਦੇ ਸਾਰੇ ਖ਼ਰਚੇ ਦਾ ਪ੍ਰਬੰਧ ਅਤੇ ਹੜ੍ਹਾਂ ਨਾਲ਼ ਵਹਿ ਗਏ ਖੇਤਾਂ ਲਈ ਵਿਸ਼ੇਸ਼ ਪੈਕੇਜ ਦਾ ਪ੍ਰਬੰਧ ਕੀਤਾ ਜਾਵੇ
• ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੇ ਇਕ ਸਾਲ ਲਈ ਸਾਰੇ ਕਰਜ਼ੇ ਅਤੇ ਵਿਆਜ ਦਰਾਂ ਮਾਫ਼ ਕੀਤੀਆਂ ਜਾਣ
• ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ਦਾ ਐੱਮ.ਐੱਸ.ਪੀ. ਗਰੰਟੀ ਕਾਨੂੰਨ ਤੁਰੰਤ ਬਣਾ ਕੇ ਲਾਗੂ ਕਰੇ
• ਹੜ੍ਹ ਪੀੜਤ ਇਲਾਕਿਆਂ ਵਿੱਚ ਮਨਰੇਗਾ ਸਕੀਮ ਤੁਰੰਤ ਚਾਲੂ ਕੀਤੀ ਜਾਵੇ ਅਤੇ ਇਸ ਤਹਿਤ ਹਰ ਸਾਲ 200 ਦਿਨਾਂ ਤੋਂ ਵੱਧ ਕੰਮ ਦਿੱਤਾ ਜਾਵੇ
• ਦਿੱਲੀ ਮੋਰਚੇ ਦੌਰਾਨ ਚੰਡੀਗੜ੍ਹ ਦੇ ਨੌਜਵਾਨਾਂ ਸਮੇਤ ਸਾਰੇ ਰਾਜਾਂ ਦੇ ਕਿਸਾਨਾਂ ਮਜ਼ਦੂਰਾਂ ਤੇ ਪੁਲਿਸ ਅਤੇ ਰੇਲਵੇ ਵੱਲੋਂ ਪਾਏ ਗਏ ਕੇਸ ਰੱਦ ਕੀਤੇ ਜਾਣ