India Punjab

ਪੰਜਾਬ ਦੇ ਕਿਸਾਨ ਜਾਣਗੇ ਦਿੱਲੀ, ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਕਿਸਾਨ ਲੀਡਰਾਂ ਵੱਲੋਂ ਬੜੇ ਵਧੀਆ ਅਤੇ ਸੁਚਾਰੂ ਢੰਗ ਨਾਲ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਜਾ ਰਹੀ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ 21 ਅਪ੍ਰੈਲ ਨੂੰ ਵੱਡੇ ਕਾਫਲਿਆਂ ਦੇ ਰੂਪ ਵਿੱਚ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਕਰੋਨਾ ਦੀ ਆੜ ਹੇਠ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀਆਂ ਚਾਲਾਂ ਚੱਲ ਰਹੀ ਹੈ।

ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਲੀਡਰਾਂ ਦੇ ਘਰਾਂ ਸਾਹਮਣੇ, ਟੌਲ ਪਲਾਜ਼ਿਆਂ, ਅੰਬਾਨੀ ਅਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰਾਂ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਅੱਗੇ ਧਰਨੇ ਸਮੇਤ ਸਵਾ ਸੌ ਤੋਂ ਵੱਧ ਥਾਂਵਾਂ ’ਤੇ ਧਰਨੇ ਚੱਲ ਰਹੇ ਹਨ।

ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਬੇਸ਼ੱਕ ਉਹ ਸ਼ੋਸ਼ਲ-ਮੀਡੀਆ ’ਤੇ ਚੱਲ ਰਹੀਆਂ ਅਫ਼ਵਾਹਾਂ ਨੂੰ ਕੋਈ ਬਹੁਤੀ ਤਵੱਜੋਂ ਨਹੀਂ ਦਿੰਦੇ ਪਰ ਫਿਰ ਵੀ ਕਿਸਾਨੀ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਹਰ ਪੱਖੋ ਸੁਚੇਤ ਅਤੇ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ‘ਆਪ੍ਰੇਸ਼ਨ ਕਲੀਨ’ ਦੀ ਕਾਫੀ ਚਰਚਾ ਹੋ ਰਹੀ ਹੈ। ਕਿਸਾਨ ਲੀਡਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਅਤੇ ਆਪਣੇ ਅੰਦੋਲਨ ਦੀ ਸਫ਼ਲਤਾ ਲਈ ਉਹ ਜਾਨਾਂ ਕੁਰਬਾਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਕਿਸਾਨ ਲੀਡਰਾਂ ਨੇ ਕਿਹਾ ਕਿ ਵਾਢੀ ਦੇ ਮੌਸਮ ਦੌਰਾਨ ਔਰਤਾਂ ਅਤੇ ਨੌਜਵਾਨਾਂ ਦੇ ਜਥੇ ਟਿਕਰੀ ਅਤੇ ਸਿੰਘੂ ਬੀਰਡਰ ’ਤੇ ਲਗਾਤਾਰ ਭੇਜੇ ਜਾ ਰਹੇ ਹਨ।