Punjab

ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਚਿਤਾਵਨੀ, ਕਿਹਾ ਜੇ ਦਿੱਲੀ ਜਾਣ ਤੋਂ ਰੋਕਿਆ ਤਾਂ ਹੋਵੇਗਾ ਵੱਡਾ ਵਿਰੋਧ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ):- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਯੂਨੀਅਨ ਨੇ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਵੱਡੀ ਰਣਨੀਤੀ ਤਿਆਰ ਕੀਤੀ ਹੈ। ਚੰਡੀਗੜ੍ਹ ਵਿੱਚ ਅੱਜ 18 ਨਵੰਬਰ ਨੂੰ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਹਰਿਆਣਾ ਸਰਕਾਰ ਨੂੰ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਰਸਤੇ ਵਿੱਚ ਰੋਕਣ ਦੀ ਕੋਸ਼ਿਸ਼ ਨਾ ਕਰੇ ਜੇਕਰ ਅਜਿਹਾ ਹੋਇਆ ਤਾਂ ਉਨ੍ਹਾਂ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਹਾ ਸੀ ਜੇਕਰ ਕਿਸੇ ਨੇ ਵੀ ਉਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤਾਂ ਉਹ ਚੱਕਾ ਜਾਮ ਕਰ ਦੇਣਗੇ ਅਤੇ ਪੂਰੀ ਤਰ੍ਹਾਂ ਨਾਲ ਆਵਾਜਾਹੀ ਠੱਪ ਕਰ ਦਿੱਤੀ ਜਾਵੇਗੀ।

ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿੱਚ ਪੁਲਿਸ ਵੱਲੋਂ ਧਰਨਾ ਨਾ ਦੇਣ ਦੀ ਇਜਾਜ਼ਤ ਪਿੱਛੇ ਕੋਵਿਡ ਨੂੰ ਕਾਰਨ ਦੱਸਣ ਨੂੰ ਬਹਾਨਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦਰਅਸਲ ਕੇਂਦਰ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਤੋਂ ਰੋਕਣਾ ਚਾਉਂਦੀ ਹੈ ਅਤੇ ਕੇਂਦਰ ਸਰਕਾਰ ਸਾਡੇ ਦਬਾਅ ਹੇਠ ਹੈ ਇਸ ਲਈ 7-7 ਘੰਟੇ ਮੀਟਿੰਗ ਕਰ ਰਹੀ ਹੈ, ਉਨ੍ਹਾਂ ਕਿਹਾ ਸਾਡਾ ਇੱਕ ਹੀ ਮਕਸਦ ਹੈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ।

ਕਿਸਾਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਜਿਹੜਾ ਵੀ ਬੀਜੇਪੀ ਦਾ ਆਗੂ ਦਿੱਲੀ ਤੋਂ ਪੰਜਾਬ ਆਉਣ ਦੀ ਕੋਸ਼ਿਸ਼ ਕਰੇਗਾ ਉਸ ਦਾ ਘਿਰਾਉ ਕੀਤਾ ਜਾਵੇਗਾ, ਇਸ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਵੀ ਸਾਫ਼ ਕਰ ਦਿੱਤਾ ਸੀ, ਦਿੱਲੀ ਤੋਂ ਆਉਣ ਵਾਲੇ ਬੀਜੇਪੀ ਆਗੂਆਂ  ਨੂੰ ਪੰਜਾਬ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।