ਮੁਹਾਲੀ : ਡੀਐਮਸੀ ਲੁਧਿਆਣਾ ਦੇ 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਦੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਕੋਈ ਜਾਣਕਾਰੀ ਸਾਂਝੀ ਹਾਲੇ ਤੱਕ ਨਹੀਂ ਦਿੱਤੀ ਗਈ।
6 ਦਸੰਬਰ ਨੂੰ ਦਿੱਲੀ ਕੂਚ ਬਾਰੇ ਗੱਲ ਕਰਦਿਆਂ ਉਨਾਂ ਨੇ ਕਿਹਾ ਕਿ ਦਿੱਲੀ ਕੂਚ ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਪੂਰੇ ਜ਼ੋਰਾਂ ਛੋਰਾਂ ’ਤੇ ਚੱਲ ਰਹੀਆਂ ਹਨ। ਪੰਧੇਰ ਨੇ ਕਿਹਾ ਕਿ ਇਸ ਸਬੰਧ ਵਿੱਚ ਅੱਜ ਅੰਮ੍ਰਿਤਸਰ ਦੀ ਖਜਾਲਾ ਮੰਡੀ ਵਿੱਚ ਹਜ਼ਾਰਾਂ ਕਿਸਾਨਾਂ ਦੀ ਇਕੱਠ ਕੀਤਾ ਜਾਵੇਗਾ ਅਤੇ ਇੱਥੋਂ ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਵੱਲ ਕੂਚ ਕਰਨਗੀਆਂ।
ਪੰਧੇਰ ਨੇ ਅਪੀਲ ਕੀਤੀ ਕਿ ਅਜਿਹੇ ’ਚ ਵੱਧ ਤੋਂ ਵੱਧ ਲੋਕ ਮੋਰਚੇ ’ਤੇ ਪਹੁੰਚਣ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ’ਤੇ ਜ਼ੁਲਮ ਕਰਨ ਲਈ ਤਿਆਰ ਹੈ ਅਤੇ ਅੰਦਰ ਖਾਤੇ ਕੇਂਦਰ ਸਰਕਾਰ ਨਾਲ ਰਲ ਕੇ ਕੰਮ ਕਰ ਰਹੀ ਹੈ। ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਡੱਲੇਵਾਲ ਦੀ ਗ੍ਰਿਫ਼ਤਾਰੀ ਵਿੱਚ ਉਨ੍ਹਾਂ ਦਾ ਹੱਥ ਨਹੀਂ ਹੈ। ਹੁਣ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।