The Khalas Tv Blog India ਦਿੱਲੀ ਪੁਲਿਸ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਨਾ ਦੇਵੇ ਗਲਤ ਰੰਗਤ – ਕਿਸਾਨ ਲੀਡਰ
India Punjab

ਦਿੱਲੀ ਪੁਲਿਸ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਨਾ ਦੇਵੇ ਗਲਤ ਰੰਗਤ – ਕਿਸਾਨ ਲੀਡਰ

‘ਦ ਖ਼ਾਲਸ ਬਿਊਰੋ :- ਅੱਜ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕਿਸਾਨੀ ਅੰਦੋਲਨ ਦੇ ਨਾਅਰਿਆਂ “ਕਾਲੇ ਕਨੂੰਨ ਰੱਦ ਕਰੋ, ਰੱਦ ਕਰੋ” ਨਾਲ ਰੋਸ ਪ੍ਰਗਟਾਇਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਨੂੰ ਪੀਪਲਜ਼ ਵ੍ਹਿਪ ਜਾਰੀ ਕੀਤੀ ਸੀ ਅਤੇ ਬਹੁਤ ਸਾਰੇ ਸੰਸਦ ਮੈਂਬਰ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਦੇ ਵਫ਼ਦ ਨਾਲ ਨਿੱਜੀ ਤੌਰ ‘ਤੇ ਮਿਲੇ ਸਨ। 

ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਪੁਲਿਸ ਸੰਯੁਕਤ ਕਿਸਾਨ ਮੋਰਚਾ ਦੇ ਸੰਸਦ ਦੇ ਵਿਰੋਧ ਪ੍ਰਦਰਸ਼ਨ ਨੂੰ “ਸੰਸਦ ਘਿਰਾਓ” ਕਹਿ ਕੇ ਜਾਣਬੁੱਝ ਕੇ ਗ਼ਲਤ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਕਿਸਾਨਾਂ ਦੀਆਂ ਪਾਰਲੀਮੈਂਟ ਪ੍ਰਦਰਸ਼ਨ ਦੀਆਂ ਯੋਜਨਾਵਾਂ ਬਾਰੇ ਸਪੱਸ਼ਟ ਤੌਰ ‘ਤੇ ਜਾਣੂ ਹੋਣ ਦੇ ਬਾਵਜੂਦ ਇਸ ਨੂੰ “ਸੰਸਦ ਘਿਰਾਓ” ਕਹਿ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਪਹਿਲਾਂ ਹੀ ਜਾਣਕਾਰੀ ਦੇ ਚੁੱਕਿਆ ਹੈ ਕਿ ਕਿਸਾਨਾਂ ਦੀ ਸੰਸਦ ਦੀ ਘੇਰਾਬੰਦੀ ਕਰਨ ਦੀ ਕੋਈ ਯੋਜਨਾ ਨਹੀਂ ਹੈ ਅਤੇ ਉਹਨਾਂ ਦਾ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਅਤੇ ਅਨੁਸ਼ਾਸਿਤ ਹੋਵੇਗਾ। ਦਿੱਲੀ ਪੁਲਿਸ ਜਾਣਬੁੱਝ ਕੇ ਗ਼ਲਤ ਜਾਣਕਾਰੀ ਦੇ ਰਹੀ ਹੈ ਅਤੇ ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਪੁਲਿਸ ਨੂੰ ਇਸ ਤੋਂ ਰੋਕਣ ਲਈ ਕਿਹਾ ਹੈ।

ਹਰਿਆਣਾ ਦੇ ਸਿਰਸਾ ‘ਚ ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਜਾਰੀ ਰਹੀ। ਪ੍ਰਸ਼ਾਸਨ ਹਾਲੇ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਸਕਿਆ ਹੈ ਕਿ ਸਾਰੇ ਕੇਸ ਵਾਪਸ ਲਏ ਜਾਣ ਅਤੇ ਗ੍ਰਿਫਤਾਰ ਕੀਤੇ ਗਏ ਕਿਸਾਨ ਲੀਡਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਸੰਯੁਕਤ ਕਿਸਾਨ ਮੋਰਚਾ ਦੇ ਲੀਗਲ ਸੈੱਲ ਦੇ ਪ੍ਰੇਮ ਸਿੰਘ ਭੰਗੂ ਅਤੇ ਚੰਡੀਗੜ੍ਹ ਦੀ ਇੱਕ ਨਾਗਰਿਕ ਕਮੇਟੀ ਨੇ ਪ੍ਰਦਰਸ਼ਨਕਾਰੀਆਂ ਖਿਲਾਫ ਦਰਜ ਕੀਤੇ ਕੇਸਾਂ ਅਤੇ ਤਿੰਨ ਪ੍ਰਦਰਸ਼ਨਕਾਰੀਆਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹਨਾਂ ਅੱਗੇ ਰੱਖੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਵਿਚ ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਲਈ ਜ਼ਮਾਨਤ, ਹਾਲ ਹੀ ਵਿੱਚ ਹੋਈਆਂ ਘਟਨਾਵਾਂ ਵਿੱਚ ਦਾਇਰ ਕੀਤੇ ਮਾਮਲਿਆਂ ਉੱਤੇ ਮੁੜ ਵਿਚਾਰ ਕਰਨਾ ਅਤੇ 26 ਜੂਨ ਨੂੰ ਦਰਜ ਕੀਤੇ ਕੇਸਾਂ ‘ਤੇ ਪੁਨਰ-ਵਿਚਾਰ ਕਰਨਾ ਸ਼ਾਮਿਲ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਉਹਨਾਂ ਸੋਸ਼ਲ ਮੀਡੀਆ ਪੋਸਟਾਂ ਤੋਂ ਅਲੱਗ ਕਰਦਾ ਹੈ, ਜੋ ਇਸ ਅੰਦੋਲਨ ਨੂੰ ਲੀਹੋਂ ਲਾਹੁਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚੇ ਨੇ ਲੰਡਨ ਵਿੱਚ ਇੰਡੀਅਨ ਹਾਈ ਕਮਿਸ਼ਨ ਦੇ ਬਾਹਰ ਇਸ ਕਿਸਾਨ ਅੰਦੋਲਨ ਦੇ ਸਮਰਥਕਾਂ ਦੁਆਰਾ ਕੀਤੇ ਗਏ ਪ੍ਰਦਰਸ਼ਨ ਦਾ ਨੋਟਿਸ ਲੈਂਦਿਆਂ ਪ੍ਰਸ਼ੰਸਾ ਕੀਤੀ ਹੈ, ਜੋ ਲੰਡਨ ਵਿੱਚ ਹੋਏ ਵਿਰੋਧ ਪ੍ਰਦਰਸ਼ਨ ਦੇ ਹਿੱਸੇ ਵਜੋਂ ਹਾਈ ਕਮਿਸ਼ਨ ਦੇ ਬਾਹਰ, ਫੁੱਟਪਾਥ ‘ਤੇ ਖੁੱਲ੍ਹੇ ਵਿੱਚ ਸੌਂ ਗਏ ਸਨ।

ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਗਾਤਾਰ ਮੀਂਹ ਦੇ ਨਾਲ ਨਜਿੱਠ ਰਹੇ ਹਨ। ਇੱਥੋਂ ਦੇ ਕਿਸਾਨ ਬੜੀ ਬਹਾਦਰੀ ਨਾਲ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਹ ਮੀਂਹ ‘ਤੇ ਖੁਸ਼ੀ ਜ਼ਾਹਰ ਕਰ ਰਹੇ ਹਨ, ਕਿਉਂਕਿ ਇਹ ਮੀਂਹ ਸਾਉਣੀ ਦੀਆਂ ਫਸਲਾਂ ਲਈ ਚੰਗੀ ਹੈ।

Exit mobile version