‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਭਾਰਤ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਮੁੱਦਿਆਂ ਦੇ ਹੱਕ ਵਿੱਚ ਬਿਆਨ ਦੇ ਰਹੀ ਹੈ, ਜਿਨ੍ਹਾਂ ਉਪਰ ਇਹ ਖੁਦ ਅਮਲ ਨਹੀਂ ਕਰਦੀ। ਜਦੋਂ ਤੋਂ ਇਹ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਸਰਕਾਰ ਲਗਾਤਾਰ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ‘ਤੇ ਰੋਕਾਂ ਲਗਾਉਣ ਦੀ ਕੋਸ਼ਿਸ਼ ਕਰਦੀ ਰਹੀ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਦੇਸ਼ ਵਿਚਲੇ ਸਮਰਥਕ ਸਮੂਹ ਦੀਆਂ ਹੀ ਨਹੀਂ, ਸਗੋਂ ਇਨ੍ਹਾਂ ਦੇ ਵਿਦੇਸ਼ ਬੈਠੇ ਸਮਰਥਕਾਂ ਦੀਆਂ ਸੋਸ਼ਲ ਮੀਡੀਆ ਸਰਗਰਮੀਆਂ ਨੂੰ ਵੀ ਵਾਰ-ਵਾਰ ਬੰਦ ਕੀਤਾ ਗਿਆ ਹੈ। ਉਸ ਇੰਟਰਨੈਟ ਬੰਦੀ ਦੀ ਕੋਈ ਵਾਜਬੀਅਤ ਨਹੀਂ ਬਣਦੀ, ਜੋ ਸ਼ਾਂਤਮਈ ਕਿਸਾਨਾਂ ਦੀ ਲਹਿਰ ‘ਤੇ ਲਾਗੂ ਕੀਤੀ ਗਈ।
ਕਿਸਾਨ ਲੀਡਰਾਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਇੱਕ ਕਿਸਾਨ ਜਥੇਬੰਦੀ ਦੇ ਟਵਿੱਟਰ ਹੈਂਡਲ ਨੂੰ ਵੀ ਬੰਦ ਕੀਤਾ ਗਿਆ ਹੈ। ਜੋ ਕੁੱਝ ਭਾਰਤ ਸਰਕਾਰ ਕਰ ਰਹੀ ਹੈ, ਉਹ ਰਾਜਨੀਤੀ ਤੋਂ ਪ੍ਰੇਰਿਤ ਹੈ। ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਸਾਰੇ ਨਾਗਰਿਕਾਂ ਦਾ ਮੁੱਢਲਾ ਜਮਹੂਰੀ ਅਧਿਕਾਰ ਹੈ ਅਤੇ ਸਰਕਾਰ ਇਨ੍ਹਾਂ ਉੱਪਰ ਆਪਣੀਆਂ ਰਾਜਨੀਤਿਕ ਇੱਛਾਵਾਂ ਦੇ ਅਧਾਰ ‘ਤੇ ਰੋਕ ਨਹੀਂ ਲਗਾ ਸਕਦੀ, ਜਿਵੇਂ ਹੁਣ ਹੋ ਰਿਹਾ ਹੈ। ਜਮਹੂਰੀ ਹੱਕਾਂ ਵਿੱਚ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਤੋਂ ਇਲਾਵਾ ਹੋਰ ਵੀ ਕਈ ਅਧਿਕਾਰ ਸ਼ਾਮਲ ਹਨ। ਅਸਹਿਮਤੀ ਦਾ ਅਧਿਕਾਰ ਅਤੇ ਵਿਰੋਧ ਪ੍ਰਗਟਾਵੇ ਦਾ ਅਧਿਕਾਰ ਲੋਕਤੰਤਰ ਦਾ ਅਨਿੱਖੜਵਾਂ ਅੰਗ ਹਨ।
ਦਿੱਲੀ ਹਾਈਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਵਿਰੋਧ ਕਰਨ ਦੇ ਅਧਿਕਾਰ ਨੂੰ ਗੈਰ-ਕਾਨੂੰਨੀ ਨਹੀਂ ਮੰਨਿਆ ਜਾ ਸਕਦਾ ਅਤੇ ਕਈ ਵਿਦਿਆਰਥੀਆਂ, ਕਾਰਕੁੰਨਾਂ ਤੇ ਹੋਰਨਾਂ ਵਿਰੁੱਧ ਦਰਜ ਯੂਏਪੀਏ ਕਾਨੂੰਨ ਦੇ ਪ੍ਰਾਵਧਾਨਾਂ ਅਨੁਸਾਰ ਇਸ ਨੂੰ ਅੱਤਵਾਦੀ ਕਾਰਵਾਈ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਨੋਟ ਕੀਤਾ ਕਿ ‘ਅਸਹਿਮਤੀ ਨੂੰ ਦਬਾਉਣ ਦੀ ਮਨਸ਼ਾ ਹੇਠ ਸਰਕਾਰ ਲਈ ਵਿਰੋਧ ਪ੍ਰਦਰਸ਼ਨ ਦੇ ਸੰਵਿਧਾਨਕ ਤੌਰ ‘ਤੇ ਮਿਲੇ ਅਧਿਕਾਰਾਂ ਅਤੇ ਅੱਤਵਾਦੀ ਗਤੀਵਿਧੀਆਂ ਵਿਚਲੀ ਰੇਖਾ ਧੁੰਦਲੀ ਪੈ ਰਹੀ ਹੈ। ਦੇਵਾਂਗਾਨਾ ਕਲੀਤਾ, ਆਸਿਫ ਇਕਬਾਲ ਤਨਹਾ ਅਤੇ ਨਤਾਸ਼ਾ ਨਰਵਾਲ, ਜਿਨ੍ਹਾਂ ਨੂੰ 300 ਦਿਨਾਂ ਤੋਂ ਵੱਧ ਸਮੇਂ ਲਈ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ, ਨੂੰ ਅੱਜ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।
FIR ਵਾਪਸ ਲੈਣ ਦੀ ਕੀਤੀ ਮੰਗ
ਬੀਤੇ ਦਿਨੀਂ ਹਰਿਆਣਾ ਦੇ ਝੱਜਰ ਵਿੱਚ ਇੱਕ ਭਾਜਪਾ ਦਫ਼ਤਰ ਲਈ ਰੱਖੇ ਗਏ ਨੀਂਹ ਪੱਥਰ ਨੂੰ ਉਖਾੜਨ ਦੇ ਸਬੰਧ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਸਖਤ ਕਾਰਵਾਈ ਦੀ ਧਮਕੀ ਦਿੱਤੀ ਸੀ। ਕਿਸਾਨ ਲੀਡਰਾਂ ਨੇ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਐੱਫਆਈਆਰ ਤੁਰੰਤ ਵਾਪਸ ਲੈਣ ਲਈ ਕਿਹਾ ਹੈ।
ਦਿੱਲੀ ਮੋਰਚੇ ‘ਤੇ ਪਹੁੰਚ ਰਹੇ ਕਿਸਾਨ ਜਥੇ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ‘ਚ ਕਿਸਾਨਾਂ ਦੇ ਦੋ ਜਥੇ ਅੱਜ ਸਿੰਘੂ ਅਤੇ ਟਿਕਰੀ ਬਾਰਡਰ ਪਹੁੰਚੇ। ਔਰਤਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਮੋਰਚਿਆਂ ਵਿੱਚ ਹਾਜ਼ਰੀ ਭਰੀ ਜਾ ਰਹੀ ਹੈ।