India Punjab

ਕਿਸਾਨਾਂ ਦੀ ਖੇਤੀ ਬਚਾਉ, ਲੋਕਤੰਤਰ ਬਚਾਉ ਦਿਵਸ ਦੀ ਕਿੰਨੀ ਕੁ ਹੈ ਤਿਆਰੀ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਕੁੰਡਲੀ ਬਾਰਡਰ ਕਜਾਰੀਆ ਦਫਤਰ ਵਿੱਚ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਕਿਸਾਨ ਲੀਡਰਾਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ਵਿੱਚ 26 ਜੂਨ ਨੂੰ ਖੇਤੀ ਬਚਾਉ, ਲੋਕਤੰਤਰ ਬਚਾਉ ਦਿਵਸ ਮੌਕੇ ਸਾਰੇ ਭਾਰਤ ਵਿੱਚ ਗਵਰਨਰ ਹਾਊਸ ਦੇ ਸਾਹਮਣੇ ਧਰਨੇ-ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਰੋਸ ਪੱਤਰ ਦਿੱਤੇ ਜਾਣਗੇ, ਜੋ ਕਿ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। 26 ਜੂਨ ਨੂੰ ਸਵੇਰੇ 11 ਵਜੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਸਾਰੇ ਕਿਸਾਨ ਤੇ ਜਥੇਬੰਦੀਆਂ ਦੇ ਲੀਡਰ ਪਹੁੰਚਣਗੇ ਅਤੇ ਉੱਥੋਂ ਗਵਰਨਰ ਹਾਊਸ ਨੂੰ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਗਵਰਨਰ ਨੂੰ ਰੋਸ ਪੱਤਰ ਦਿੱਤਾ ਜਾਵੇਗਾ। ਇਹ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ ਤੋਂ ਆਪਣੇ-ਆਪਣੇ ਸਾਧਨਾਂ ਰਾਹੀਂ ਗਵਰਨਰ ਹਾਊਸ ਨੂੰ ਕੂਚ ਕਰੇਗਾ। ਇਸ ਰੋਸ ਮਾਰਚ ਲਈ ਇੱਕ 5 ਮੈਂਬਰੀ ਪ੍ਰਬੰਧਕੀ ਕਮੇਟੀ ਤਿਆਰ ਕੀਤੀ ਗਈ ਹੈ। ਇਹ ਪ੍ਰਬੰਧਕੀ ਕਮੇਟੀ ਉੱਥੋਂ ਦੀ ਸਾਰੀ ਦੇਖ-ਰੇਖ ਕਰੇਗੀ। ਕਿਸਾਨ ਲੀਡਰਾਂ ਨੇ ਸਾਰੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਸ ਰੋਸ ਮਾਰਚ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

32 ਜਥੇਬੰਦੀਆਂ ਨੇ ਪੰਜਾਬ ਦੇ ਲੋਕਾਂ ਨੂੰ ਮੋਰਚੇ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ ਅਤੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੋਰਚੇ ਨੂੰ ਖਰਾਬ ਕਰਨ ਲਈ ਚਲਾਈਆਂ ਜਾ ਰਹੀਆਂ ਸਾਜਿਸ਼ਾਂ ਤੋਂ ਸੁਚੇਤ ਰਿਹਾ ਜਾਵੇ। ਕਿਸਾਨ ਲੀਡਰਾਂ ਨੇ ਕਿਹਾ ਕਿ ਪ੍ਰਸ਼ਾਸਨ ਦੇ ਧਿਆਨ ਵਿੱਚ ਅਸੀਂ ਇਹ ਚਾਰ ਗੱਲਾਂ ਧਿਆਨ ਵਿੱਚ ਲਿਆਂਦੀਆਂ ਹਨ ਕਿ:

•             ਦਿੱਲੀ ਦੀ ਟ੍ਰੈਫਿਕ ਵਿੱਚ ਸੁਧਾਰ ਲਿਆਂਦਾ ਜਾਵੇ। ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਵਿੱਚ ਪਹਿਲਾਂ ਗੱਡੀਆਂ ਪਿੱਛੋਂ ਡਾਇਵਰਟ ਕੀਤੀਆਂ ਜਾਂਦੀਆਂ ਸਨ, ਇਸ ਲਈ ਇਹ ਪ੍ਰਬੰਧ ਮੁੜ ਬਹਾਲ ਕੀਤਾ ਜਾਵੇ।

•             ਸੜਕਾਂ ਦੀ ਹਾਲਤ ਬਹੁਤ ਖਰਾਬ ਹੈ। ਪ੍ਰਸ਼ਾਸਨ ਨੂੰ ਇਸ ਬਾਰੇ ਧਿਆਨ ਦੇਣਾ ਚਾਹੀਦਾ ਹੈ। ਬਹੁਤ ਸਾਰੀਆਂ ਦੁਰਘਟਨਾਵਾਂ ਵਾਪਰ ਰਹੀਆਂ ਹਨ।

•             ਦਿੱਲੀ ਵਿੱਚ ਸਫਾਈ ਦਾ ਕੋਈ ਪ੍ਰਬੰਧ ਨਹੀਂ ਹੈ।

•             ਬਿਜਲੀ ਦੀ ਹਾਲਤ ਵੀ ਬਹੁਤ ਖਰਾਬ ਹੈ। ਇਸ ਲਈ ਪ੍ਰਸ਼ਾਸਨ ਨੂੰ ਟਰਾਂਸਫਾਰਮ ਵੱਡੇ ਕੀਤੇ ਜਾਣੇ ਚਾਹੀਦੇ ਹਨ।

ਕਿਸਾਨ ਲੀਡਰਾਂ ਨੇ ਕਿਹਾ ਕਿ ਮੋਰਚੇ ਵਿੱਚ ਰਾਤ ਦੇ ਸਮੇਂ ਕੁੱਝ ਔਰਤਾਂ ਆਉਂਦੀਆਂ ਹਨ ਅਤੇ ਕਿਸਾਨਾਂ ਦੇ ਲੱਗੇ ਟੈਂਟਾਂ ਵਿੱਚ ਝਾਤ ਮਾਰ ਕੇ ਆਪਣੇ-ਆਪ ਨੂੰ ਪੇਸ਼ ਕਰਦੀਆਂ ਹਨ ਪਰ ਸਾਡੇ ਨੌਜਵਾਨ ਉਨ੍ਹਾਂ ਵੱਲ ਧਿਆਨ ਨਹੀਂ ਦਿੰਦੇ, ਬਲਕਿ ਨੌਜਵਾਨਾਂ ਨੇ ਉਨ੍ਹਾਂ ਨੂੰ ਉੱਥੋਂ ਫੜ ਕੇ ਭਜਾਇਆ ਵੀ ਹੈ ਅਤੇ ਪੁਲਿਸ ਕੋਲ ਗ੍ਰਿਫਤਾਰ ਵੀ ਕਰਵਾਈਆਂ ਹਨ। ਕਿਸਾਨਾਂ ਨੇ ਕਿਹਾ ਕਿ ਇਹ ਔਰਤਾਂ ਬੀਜੇਪੀ, ਆਰਐੱਸਐੱਸ ਵਾਲਿਆਂ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਭੇਜੀਆਂ ਜਾਂਦੀਆਂ ਹਨ, ਜਿਸ ਤੋਂ ਸਾਨੂੰ ਸੁਚੇਤ ਹੋਣ ਦੀ ਲੋੜ ਹੈ।

ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸਾਨ ਮੋਰਚਿਆਂ ਵਿੱਚ ਬੀਬੀਆਂ ਵਾਸਤੇ ਪੰਜਾਬ ਅਤੇ ਹਰਿਆਣਾ ਵਿੱਚੋਂ ਰਲ ਕੇ ਇੱਕ ਹੋਰ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਔਰਤਾਂ ਨਾਲ ਸਬੰਧਿਤ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।