Punjab

ਲਾਕਡਾਊਨ ਤੁੜਵਾਉਣ ਲਈ ਸੜਕਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਤਾਂ ਅੱਗਿਉਂ ਪੁਲਿਸ ਦਾ ਵੀ ਠੀਕਰੀ ਪਹਿਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੌਰਾਨ ਲੱਗੇ ਲੌਕਡਾਊਨ ਦੇ ਖਿਲਾਫ ਸੜਕਾਂ ‘ਤੇ ਨਿਤਰੇ ਹਨ। ਕਿਸਾਨ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕਰ ਰਹੇ ਹਨ। ਕਿਸਾਨਾਂ ਨੇ ਦੁਕਾਨਦਾਰਾਂ ਨੂੰ ਭਰੋਸਾ ਜਤਾਇਆ ਹੈ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ। ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਵੱਖ-ਵੱਖ ਥਾਂਵਾਂ ‘ਤੇ ਲੌਕਡਾਊਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮੋਗਾ, ਪਟਿਆਲਾ, ਨਾਭਾ, ਅੰਮ੍ਰਿਤਸਰ, ਤਰਨਤਾਰਨ ਅਤੇ ਬਰਨਾਲਾ ਸਮੇਤ ਕਈ ਥਾਂਵਾਂ ‘ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੇ ਫੜ ਕੇ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਗਿਆ ਹੈ।

ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ ‘ਚ ਲੌਕਡਾਊਨ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਅਤੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ‘ਚ ਕਿਸਾਨ ਬੀਬੀਆਂ ਵੀ ਸ਼ਾਮਿਲ ਹੋਈਆਂ। ਕਿਸਾਨਾਂ ਨੇ ਕਿਹਾ ਕਿ ਦੁਕਾਨਦਾਰਾਂ ਨੇ ਸਾਡੇ ਕਹਿਣ ‘ਤੇ ਦੁਕਾਨਾਂ ਖੋਲ੍ਹ ਵੀ ਦਿੱਤੀਆਂ ਹਨ। ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਹ ਅੱਜ ਵੀਕੈਂਡ ਲੌਕਡਾਊਨ ਦੌਰਾਨ ਪ੍ਰਦਰਸ਼ਨ ਕਰਨਗੇ। ਕਿਸਾਨਾਂ ਨੇ ਕਿਹਾ ਸੀ ਕਿ ਉਹ ਦੁਕਾਨਦਾਰਾਂ ਦੇ ਨਾਲ ਰਲ ਕੇ ਦੁਕਾਨਾਂ ਖੁੱਲ੍ਹਵਾਉਣਗੇ।

ਭਾਰਤੀ ਕਿਸਾਨਾਂ ਯੂਨੀਅਨਾਂ ਨੇ ਦੁਕਾਨਦਾਰਾਂ ਦੇ ਹੱਕ ’ਚ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਦੁਕਾਨਦਾਰਾਂ ਨੂੰ ਆਪਣੀ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹ ਰਹੀ ਹੈ ਅਤੇ ਆਮ ਦੁਕਾਨਾਂ ਜ਼ਬਰੀ ਬੰਦ ਕਰਵਾ ਰਹੀ ਹੈ। ਦੁਕਾਨਦਾਰਾਂ ਵੱਲੋਂ ਪੁਲਿਸ ਦੇ ਡਰੋਂ ਜਥੇਬੰਦੀ ਦੇ ਸੱਦੇ ਨੂੰ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।

ਪੁਲਿਸ ਦਾ ਵੀ ਹੈ ਠੀਕਰੀ ਪਹਿਰਾ

ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹੀ ਪੁਲਿਸ ਨੂੰ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਏ ਹਨ। ਪੰਜਾਬ ਭਰ ‘ਚ ਡੀਸੀਜ਼ ਨੂੰ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।