‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟਿਕਰੀ ਬਾਰਡਰ ਦੀ ਸਟੇਜ ਤੋਂ ਕਿਸਾਨ ਮੋਰਚੇ ਦੀ ਜਿੱਤ ਦਾ ਐਲਾਨ ਹੋ ਚੁੱਕਾ ਹੈ। ਕਿਸਾਨ 11 ਦਸੰਬਰ ਨੂੰ ਜੇਤੂ ਮਾਰਚ ਦੀ ਸ਼ਕਲ ਵਿੱਚ ਪੰਜਾਬ ਨੂੰ ਰਵਾਨਾ ਹੋਣਗੇ। ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ ਹੋ ਗਈ ਹੈ। ਕਿਸਾਨ ਲੀਡਰ ਜਲਦ ਪ੍ਰੈੱਸ ਕਾਨਫਰੰਸ ਕਰਕੇ ਆਖਰੀ ਫੈਸਲਾ ਸੁਣਾਉਣਗੇ। ਕਿਸਾਨਾਂ ਵੱਲੋਂ ਆਪਣਾ ਸਾਜੋ ਸਮਾਨ ਸਮੇਟਣਾ ਸ਼ੁਰੂ ਕੀਤਾ ਗਿਆ ਹੈ। ਮੋਰਚੇ ਵਿੱਚ ਕਿਸਾਨਾਂ ਵਿੱਚ ਮੋਰਚੇ ਦੀ ਜਿੱਤ ‘ਤੇ ਖੁਸ਼ੀ ਦੀ ਲਹਿਰ ਹੈ।
32 ਕਿਸਾਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕਰਦਿਆਂ ਕਿਹਾ ਹੈ ਕਿ 11 ਦਸੰਬਰ ਨੂੰ ਸਿੰਘੂ ਅਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਘਰ ਵਾਪਸੀ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ 9 ਦਸੰਬਰ ਯਾਨੀ ਕਿ ਅੱਜ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ‘ਫਤਿਹ ਅਰਦਾਸ’ ਕੀਤੀ ਜਾਵੇਗੀ, ਜਿਸ ਤੋਂ ਬਾਅਦ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਸਵੇਰੇ 9 ਵਜੇ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ। 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕਰਨਗੇ ਤੇ 15 ਦਸੰਬਰ ਨੂੰ ਪੰਜਾਬ ਵਿੱਚ ਜਾਰੀ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।