‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਮੁੜ ਵੱਧਦੀ ਜਾ ਰਹੀ ਹੈ ਅਤੇ ਕਿਸਾਨੀ ਅੰਦੋਲਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੇ ਟੈਂਟ, ਟਰਾਲੀਆਂ ਅਤੇ ਹੋਰ ਵਾਹਨ ਪਿਛਲੇ 5 ਮਹੀਨਿਆਂ ਤੋਂ ਦਿੱਲੀ ਮੋਰਚਿਆਂ ‘ਤੇ ਲੰਬੀਆਂ ਕਤਾਰਾਂ ਵਿੱਚ ਖੜੇ ਹਨ। ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਦਾ ਵਾਪਸ ਮੋਰਚਿਆਂ ‘ਤੇ ਆਉਣਾ ਸ਼ੁਰੂ ਹੋ ਗਿਆ ਹੈ। ਕੱਲ੍ਹ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਕਿਸਾਨਾਂ ਦੇ ਵੱਡੇ ਜਥਿਆਂ ਨੇ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਦਿੱਲੀ ਪਹੁੰਚੇ ਕਿਸਾਨਾਂ ਦੇ ਜਥਿਆਂ ਦਾ ਸਵਾਗਤ ਕੀਤਾ ਗਿਆ। ਇਹ ਕਿਸਾਨ ਆਪਣੇ-ਆਪਣੇ ਟਰੈਕਟਰਾਂ, ਕਾਰਾਂ ਅਤੇ ਹੋਰ ਵਾਹਨਾਂ ‘ਤੇ ਦਿੱਲੀ ਕਿਸਾਨ ਮੋਰਚਿਆਂ ‘ਤੇ ਪਹੁੰਚੇ।
ਕਿਸਾਨ ਲੀਡਰਾਂ ਨੇ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦੇ ਦਰਦ ਤੋਂ ਨਿਕਲਿਆ ਹੋਇਆ ਅੰਦੋਲਨ ਹੈ ਅਤੇ ਇਹ ਲਹਿਰ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਇਸ ਅੰਦੋਲਨ ਵਿੱਚ ਕਿਸਾਨਾਂ ਨੂੰ ਕਿਸਾਨ ਨਾ ਕਹਿ ਕੇ, ਉਹਨਾਂ ਨੂੰ ਹੋਰ ਪਹਿਚਾਣਾਂ ਨਾਲ ਜੋੜਿਆ ਗਿਆ ਹੈ ਅਤੇ ਉਨ੍ਹਾਂ ਦੀ ਸਿੱਖਿਆ ‘ਤੇ ਵੀ ਸਵਾਲ ਖੜੇ ਕੀਤੇ ਗਏ ਹਨ। ਕਿਸਾਨ ਲੀਡਰਾਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕਿਸਾਨ ਮੋਰਚਿਆਂ ਵਿੱਚ ਅੰਦੋਲਨ ਕਰ ਰਹੇ ਕਿਸਾਨ ਨੂੰ ਕਿਸਾਨ ਦੀ ਪਹਿਚਾਣ ਤੋਂ ਜਾਣਨਾ ਚਾਹੀਦਾ ਹੈ ਅਤੇ ਕਿਸਾਨ ਇਹਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ, ਜਿਸ ਕਾਰਨ ਹੀ ਇਹ ਲਹਿਰ ਇੰਨੀ ਮਜ਼ਬੂਤ ਹੋਈ ਹੈ ਅਤੇ ਕਿਸਾਨ ਮਜ਼ਬੂਤੀ ਨਾਲ ਖੇਤੀ ਕਾਨੂੰਨਾਂ ਦੇ ਖਿਲਾਫ ਡਟੇ ਹੋਏ ਹਨ।
ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਕਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਗਰੀਬ ਲੋਕਾਂ ਸਮੇਤ ਦੇਸ਼ ਦੀ ਵੱਡੀ ਆਬਾਦੀ ਉੱਤੇ ਸਪਸ਼ਟ ਤੌਰ ‘ਤੇ ਹਮਲਾ ਹੈ। ਸਰਕਾਰ ਨੂੰ ਸਿੱਖਿਆ, ਸਿਹਤ ਅਤੇ ਖੇਤੀਬਾੜੀ ਦੇ ਖੇਤਰਾਂ ਵਿੱਚ ਨਿਵੇਸ਼ ਵਧਾਉਣਾ ਚਾਹੀਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਅਤੇ ਉਚਿੱਤ ਮੁੱਲ ਦੀ ਗਾਰੰਟੀ ਲਈ ਐੱਮਐੱਸਪੀ ‘ਤੇ ਕਾਨੂੰਨ ਬਣਾਵੇ।