India Khetibadi Punjab

ਕਿਸਾਨਾਂ ਦਾ CM ਮਾਨ ਤੇ ਕੇਜਰੀਵਾਲ ਖ਼ਿਲਾਫ਼ ਵੱਡਾ ਐਲਾਨ, 1 ਦਸੰਬਰ ਨੂੰ ਪੂਰੇ ਦੇਸ਼ ’ਚ ਹੋਵੇਗਾ ਵੱਡਾ ਐਕਸ਼ਨ

ਬਿਉਰੋ ਰਿਪੋਰਟ: ਅੱਜ ਖਨੌਰੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ ਜਿਸ ਉਪਰੰਤ ਦੋਨਾਂ ਫੋਰਮਾ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਗਿਆ ਕਿ 1 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦੋਸਤੀ ਰੱਖਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 26 ਨਵੰਬਰ ਨੂੰ ਤੜਕੇ 2.45 ਵਜੇ ਮੋਰਚੇ ਉੱਪਰ ਹਮਲਾ ਕਰਕੇ ਗ੍ਰਿਫ਼ਤਾਰ ਕਰ ਲਿਆ। ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਮਿਲੀਭੁਗਤ ਤਹਿਤ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਕਰਕੇ 26 ਨਵੰਬਰ ਤੋਂ ਸ਼ੁਰੂ ਹੋ ਰਹੇ ਮਰਨ ਵਰਤ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋ ਹਸਪਤਾਲ ਅਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਵੱਲੋ ਖਨੌਰੀ ਬਾਰਡਰ ਉੱਪਰ ਮਰਨ ਵਰਤ ਸ਼ੁਰੂ ਕਰਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਦਿੰਦੇ ਹੋਏ ਉਨਾਂ ਦੇ ਅੰਦੋਲਨ ਨੂੰ ਢਾਹ ਲਗਾਉਣ ਦੇ ਮਨਸੂਬਿਆਂ ਨੂੰ ਫੇਲ੍ਹ ਕਰ ਦਿੱਤਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ MSP ਗਾਰੰਟੀ ਕਾਨੂੰਨ ਕਿਸਾਨਾਂ ਲਈ ਕਰੋ ਜਾਂ ਮਰੋ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਉਨ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਦੀਆਂ ਜਾਰੀ ਰਹੇਗਾ। ਕਿਸਾਨ ਆਗੂ ਅਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋਝੰਡੇ ਨੇ ਕਿਹਾ ਕਿ ਮੈਨੂੰ ਫੌਜ ਵਿੱਚ ਨੌਕਰੀ ਕਰਦਿਆਂ ਦੇਸ਼ ਅਤੇ ਸਮਾਜ ਲਈ ਕੁਰਬਾਨੀ ਦੇਣ ਦਾ ਮੌਕਾ ਨਹੀਂ ਮਿਲਿਆ ਪਰ ਹੁਣ ਇਸ ਅੰਦੋਲਨ ਵਿੱਚ ਮਰਨ ਵਰਤ ਰੱਖ ਕੇ ਉਹਨਾਂ ਨੂੰ ਦੇਸ਼ ਦੇ ਕਿਸਾਨਾਂ ਲਈ ਕੁਰਬਾਨੀ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੇ ਆਖ਼ਰੀ ਸਾਹ ਤੱਕ ਲੜਨਗੇ।