‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਵਿੱਚ ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਨਵਾਂ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਹ ਅੰਦੋਲਨ ਗੰਨੇ ਦੀ ਸਹੀ ਕੀਮਤ ਤੈਅ ਕਰਨ ਨੂੰ ਲੈ ਕੇ ਹੈ। ਕਿਸਾਨਾਂ ਨੇ ਸਰਕਾਰ ਨੂੰ ਗੰਨੇ ਦੀ ਕੀਮਤ 400 ਰੁਪਏ ਤੈਅ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਗੰਨੇ ਦੀ ਕਾਸ਼ਤ ਵਿੱਚ 390 ਰੁਪਏ ਦੀ ਲਾਗਤ ਆਉਂਦੀ ਹੈ, ਇਸ ਲਈ ਉਨ੍ਹਾਂ ਨੇ ਸਰਕਾਰ ਨੂੰ ਸਿਰਫ਼ 10 ਰੁਪਏ ਹੀ ਗੰਨੇ ਦੀ ਕੀਮਤ ਵਧਾਉਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਲੁਧਿਆਣਾ ਵੱਲ ਜਾਣ ਵਾਲੇ ਜਲੰਧਰ-ਦਿੱਲੀ ਕੌਮੀ ਮਾਰਗ ਨੂੰ ਜਾਮ ਕੀਤਾ ਗਿਆ ਹੈ। ਕਿਸਾਨਾਂ ਨੇ ਧੰਨੌਵਾਲੀ ਗੇਟ ਦੇ ਨੇੜੇ ਦੋਵਾਂ ਪਾਸਿਆਂ ਦੀ ਆਵਾਜਾਈ ਠੱਪ ਕਰ ਦਿੱਤੀ ਹੈ। ਇਸ ਨਾਲ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਜੰਮੂ ਸਣੇ ਜਲੰਧਰ ਰਾਹੀਂ ਆਵਾਜਾਈ ਦੇ ਰਾਹ ਵੀ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਗਿਆ ਤਾਂ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ।
ਗੰਨਾ ਸੰਘਰਸ਼ ਕਮੇਟੀ ਨੇ ਕਿਹਾ ਹੈ ਕਿ ਜਦੋਂ ਤੱਕ ਮੰਗ ਪੂਰੀ ਨਹੀਂ ਹੁੰਦੀ, ਇਹ ਧਰਨਾ ਜਾਰੀ ਰਹੇਗਾ। ਜੇ ਸਰਕਾਰ ਫਿਰ ਵੀ ਨਾ ਮੰਨੀ ਤਾਂ ਰੇਲਵੇ ਟਰੈਕ ਵੀ ਬੰਦ ਕੀਤੇ ਜਾਣਗੇ। ਹਾਈਵੇ ‘ਤੇ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਕੱਲ੍ਹ ਕਿਸਾਨਾਂ ਵੱਲੋਂ ਪ੍ਰਸ਼ਾਸਨ ਨਾਲ ਗੱਲਬਾਤ ਵੀ ਕੀਤੀ ਗਈ। ਗੱਲਬਾਤ ਤੋਂ ਬਾਅਦ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਲੇ ਤੱਕ ਸਰਕਾਰ ਨਾਲ ਸਾਡੀ ਕੋਈ ਗੱਲ ਸਿਰੇ ਨਹੀਂ ਚੜੀ। ਮੋਰਚਾ ਹਾਲੇ ਜਾਰੀ ਹੈ। ਲੋਕਾਂ ਨੂੰ ਪਰੇਸ਼ਾਨ ਕਰਨ ਲਈ ਸਰਕਾਰ ਜ਼ਿੰਮੇਵਾਰ ਹੈ।
ਗੰਨਾ ਸੰਘਰਸ਼ ਕਮੇਟੀ ਦੇ ਧਰਨੇ ਕਾਰਨ ਜਾਮ ਲੱਗ ਰਿਹਾ ਹੈ ਅਤੇ ਗਰਮੀ ਵਿੱਚ ਰਾਜ ਮਾਰਗਾਂ ਤੋਂ ਸਿੱਧੇ ਆਉਣ ਵਾਲੇ ਵਾਹਨ ਹੁਣ ਸ਼ਹਿਰ ਦੀਆਂ ਲਿੰਕ ਸੜਕਾਂ ਵਿੱਚੋਂ ਹੋ ਕੇ ਲੰਘ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਦੇ ਰਸਤਿਆਂ ਵਿੱਚ ਫੇਰਬਦਲ ਕਰ ਦਿੱਤਾ ਹੈ ਅਤੇ ਜਲੰਧਰ ਟ੍ਰੈਫਿਕ ਪੁਲਿਸ ਨੇ ਹੈਲਪਲਾਈਨ ਨੰਬਰ 0181-2227296 ਜਾਰੀ ਕਰਕੇ ਕਿਸੇ ਵੀ ਤਰ੍ਹਾਂ ਦੀ ਹੈਲਪ ਲੈਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ।