The Khalas Tv Blog Punjab ਕਿਸਾਨਾਂ ਨੇ ਜਿੱਤਿਆ ਸੰਗਰੂਰ ਮੋਰਚਾ,ਸਰਕਾਰ ਨਾਲ ਹੋਈ ਮੀਟਿੰਗ ਵਿੱਚ ਬਣੀ ਸਹਿਮਤੀ
Punjab

ਕਿਸਾਨਾਂ ਨੇ ਜਿੱਤਿਆ ਸੰਗਰੂਰ ਮੋਰਚਾ,ਸਰਕਾਰ ਨਾਲ ਹੋਈ ਮੀਟਿੰਗ ਵਿੱਚ ਬਣੀ ਸਹਿਮਤੀ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਸਥਿਤ ਘਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲੱਗਾ ਧਰਨਾ ਹੁਣ ਖਤਮ ਹੋ ਜਾਵੇਗਾ। ਕਿਸਾਨ ਜਥੇਬੰਦੀ ਅਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਧਰਨਾ ਚੁੱਕਣ ਬਾਰੇ ਸਹਿਮਤੀ ਬਣ ਗਈ ਹੈ।

ਕਿਸਾਨ ਜਥੇਬੰਦੀ ਨੇ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਮੰਗਾਂ ਬਾਰੇ ਲਿਖਤੀ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਕੱਲ੍ਹ ਧਰਨਾ ਖਤਮ ਕਰ ਦਿੱਤਾ ਜਾਵੇਗਾ। ਕੱਲ੍ਹ ਕਿਸਾਨਾਂ ਵੱਲੋਂ ਰੈਲੀ ਕੀਤੀ ਜਾਵੇਗੀ ਜਿਸ ਤੋਂ ਬਾਅਦ ਇਸ ਧਰਨੇ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਕਿਸਾਨਾਂ ਨੇ 9 ਅਕਤੂਬਰ ਤੋਂ ਸੰਗਰੂਰ ਵਿਚ ਧਰਨਾ ਸ਼ੁਰੂ ਕੀਤਾ ਹੋਇਆ ਸੀ। ਜਥੇਬੰਦੀ ਨੇ ਸਰਕਾਰ ਉਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਦੋਸ਼ ਲਾਇਆ ਸੀ। ਜਥੇਬੰਦੀ ਸਰਕਾਰ ਤੋਂ ਮੰਗ ਕਰ ਰਹੀ ਸੀ ਕਿ ਮੰਗਾਂ ਬਾਰੇ ਲਿਖਤੀ ਰੂਪ ਵਿਚ ਦੇਣ। ਅੱਜ ਖੇਤੀ ਮੰਤਰੀ ਨੇ ਮੀਟਿੰਗ ਵਿਚ ਲਿਖਤੀ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀ ਕੱਲ੍ਹ ਤੋਂ ਧਰਨਾ ਚੁੱਕ ਲਵੇਗੀ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰ ਆਗੂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਉੱਤੇ ਸਹਿਮਤੀ ਬਣ ਗਈ ਹੈ ਅਤੇ ਕੱਲ ਨੂੰ ਕਿਸਾਨ ਆਪਣਾ ਧਰਨਾ ਇਥੋਂ ਚੁੱਕ ਲੈਣਗੇ। ਇਸ ਸਬੰਧ ਵਿੱਚ ਲਿਖਤੀ ਰੂਪ ਵਿੱਚ ਵੀ ਪੱਤਰ ਦੇ ਦਿੱਤਾ ਗਿਆ ਹੈ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਧਰਨੇ ਨੂੰ ਖ਼ਤਮ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਹਰ ਮੰਗ ਉੱਤੇ ਵਿਚਾਰ ਕੀਤੀ ਗਈ ਹੈ ਤੇ ਹੁਣ ਸਰਕਾਰ ਨੇ ਇਸ ਹਰ ਇੱਕ ਮੰਗ ਲਈ ਅਲੱਗ ਅਲੱਗ ਸਮਾਂ ਨਿਰਧਾਰਤ ਕਰ ਦਿੱਤਾ ਹੈ ।

 

ਕਿਸਾਨਾਂ ਨੇ 9 ਅਕਤੂਬਰ ਤੋਂ ਮੁੱਖ ਮੰਤਰੀ ਮਾਨ ਦੇ ਘਰ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਸੀ। ਕਿਸਾਨਾਂ ਦੀਆਂ ਮੁੱਖ ਮੰਗਾਂ ਸਨ :

• ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਜਾਂ ਗੜੇਮਾਰੀ,ਭਾਰੀ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਸਣੇ ਨੁਕਸਾਨੇ ਮਕਾਨਾਂ ਦਾ ਪੂਰਾ ਮੁਆਵਜ਼ਾ
• ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਨੂੰ ਰੱਦ ਕਰਨਾ
• ਜੀਰਾ ਫੈਕਟਰੀ ਬੰਦ ਕਰਵਾਉਣਾ ਅਤੇ ਭਾਰਤ ਮਾਲ਼ਾ ਹਾਈਵੇਅ ਪ੍ਰਾਜੈਕਟ ਲਈ ਸਹੀ ਮੁਆਵਜ਼ਾ
• ਸਮੇਤ ਹੋਰ ਵੀ ਕਈ ਮੰਗਾਂ ਸ਼ਾਮਲ ਸਨ।

 

ਹਾਲਾਂਕਿ ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਨਾਲ ਹੋਈ ਮੀਟਿੰਗ ਵਿੱਚ ਮੰਗਾਂ ਉੱਤੇ ਸਹਿਮਤੀ ਬਣ ਗਈ ਸੀ ਪਰ ਕਿਸਾਨਾਂ ਦੀ ਮੰਗ ਸੀ ਕਿ ਮੰਗਾਂ ਬਾਰੇ ਲਿਖਤੀ ਰੂਪ ਵਿੱਚ ਦਿੱਤਾ ਜਾਵੇ, ਜਿਸ ਤੋਂ ਬਾਅਦ ਬੀਕੇਯੂ ਏਕਤਾ ਉਗਰਾਹਾਂ ਨੇ ਸੰਗਰੂਰ ਵਿੱਖੇ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਸੀ,ਜਿਸ ਨੂੰ ਹੁਣ ਖ਼ਤਮ ਕਰਨ ਦਾ ਐਲਾਨ ਕਿਸਾਨ ਆਗੂਆਂ ਨੇ ਕਰ ਦਿੱਤਾ ਹੈ।

Exit mobile version