ਬਿਉਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਸੀਐੱਮ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਮੁੱਖ ਮੰਤਰੀ ਪੰਜਾਬ ਨੇ ਕਿਹਾ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ ‘ਤੇ ਹੈ। ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 ‘ਤੇ ਕਾਲ ਕਰ ਸਕਦਾ ਹੈ।
ਇਹ ਵੀ ਪੜ੍ਹੋ – ਗਾਇਕ ਮੀਕਾ ਸਿੰਘ ਨੇ ਕੰਗਨਾ ਰਣੌਤ ਨਾਲ ਵਾਪਰੀ ਘਟਨਾ ਦੀ ਕੀਤੀ ਨਿੰਦਾ