Punjab

ਕਿਸਾਨ ਭਲਕੇ ਸ਼ੰਭੂ ਬਾਰਡਰ ‘ਤੇ ਨਹੀਂ ਰੋਕਣਗੇ ਰੇਲਾਂ…

ਚੰਡੀਗੜ੍ਹ :  ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਹਰਿਆਣਾ ਦਾ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 56 ਦਿਨ ਹੋ ਗਏ ਹਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਲਕੇ 9 ਅਪ੍ਰੈਲ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਪਟਿਆਲਾ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ।

ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਗੱਲ ਕਰਨ ਲਈ ਤਿਆਰ ਹੈ। ਕੱਲ੍ਹ ਦਾ ਰੇਲਵੇ ਅੰਦੋਲਨ 1 ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਧੇਰ ਨੇ ਦੱਸਿਆ ਕਿ 10 ਅਪ੍ਰੈਲ ਨੂੰ ਕਿਸਾਨ ਸ਼ੰਭੂ ਬਾਰਡਰ ‘ਤੇ ਰੇਲਾਂ ਰੋਕਣਗੇ। ਦੱਸ ਦੇਈਏ ਕਿ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਹੋਰ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਰੇਲਵੇ ਅੱਗੇ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ।

ਸ਼ੰਭੂ ਸਰਹੱਦ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਹਾਲਾਂਕਿ ਦੇਰ ਸ਼ਾਮ ਕਿਸਾਨਾਂ ਨੂੰ ਤਾਮਿਲਨਾਡੂ ਪੁਲਿਸ ਨੇ ਛੱਡ ਦਿੱਤਾ।

5 ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 10 ਫਰਵਰੀ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿੱਚ ਸੈਂਕੜੇ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ 5 ਕਿਸਾਨ ਆਗੂ ਅਜੇ ਵੀ ਜੇਲ੍ਹ ਵਿੱਚ ਹਨ।

ਰਵਿੰਦਰ ਸਿੰਘ ਅਤੇ ਅਮਰਜੀਤ ਸਿੰਘ 13 ਫਰਵਰੀ ਤੋਂ, ਅਨੀਸ਼ ਖਟਕੜ 19 ਮਾਰਚ ਤੋਂ ਜੀਂਦ ਜੇਲ੍ਹ ਵਿੱਚ ਬੰਦ ਹਨ। 28 ਮਾਰਚ ਨੂੰ ਅੰਬਾਲਾ ਪੁਲੀਸ ਨੇ ਨੌਜਵਾਨ ਕਿਸਾਨ ਆਗੂਆਂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 3 ਦਿਨ ਦੇ ਰਿਮਾਂਡ ਤੋਂ ਬਾਅਦ ਉਹ ਹੁਣ ਅੰਬਾਲਾ ਸੈਂਟਰਲ ਜੇਲ੍ਹ ਵਿੱਚ ਹੈ।