ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਹੈ।
ਦਰਅਸਲ, ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਲੋਕ ਫਾਜ਼ਿਲਕਾ ਵਿੱਚ ਇੱਕ ਨਾਬਾਲਗ ਖ਼ਿਲਾਫ਼ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਇਸ ਦੇ ਨਾਲ ਹੀ ਪਰਿਵਾਰ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਦੇਣ ਲਈ ਵੀ ਦਬਾਅ ਪਾਇਆ ਜਾ ਰਿਹਾ ਸੀ।
ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਨ੍ਹਾਂ ਮੁਲਜ਼ਮਾਂ ਵਿੱਚ ਐਸਐਚਓ ਮਨਜੀਤ ਸਿੰਘ, ਸੀਨੀਅਰ ਕਾਂਸਟੇਬਲ ਰਾਜਪਾਲ, ਸੀਨੀਅਰ ਕਾਂਸਟੇਬਲ ਸ਼ਿੰਦਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਸੁਮਿਤ ਕੁਮਾਰ ਸ਼ਾਮਲ ਹਨ।
ਵਿਜੀਲੈਂਸ ਨੇ ਉਨ੍ਹਾਂ ਨੂੰ ਇਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਅਣਜਾਣ।