ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਪ ਆਗੂ ਆਸ਼ੂ ਬਾਂਗੜ ਕਾਂਗਰਸ ਵਿੱਚ ਸ਼ਾਮਲ ਹੋਇਆ ਸੀ
‘ਦ ਖ਼ਾਲਸ ਬਿਊਰੋ :- ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਲੀਡਰ ਆਸ਼ੂ ਬਾਂਗੜ ਨੂੰ ਮੋਗਾ ਪਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਬਾਂਗੜ ‘ਤੇ ਵਿਦੇਸ਼ ਭੇਜਣ ਦੇ ਨਾਂ ‘ਤੇ ਪੈਸੇ ਲੈ ਕੇ ਫਰਜ਼ੀ ਦਸਤਾਵੇਜ਼ ਬਣਾਉਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਦੀ ਪਤਨੀ ਨੇ ਕਾਂਗਰਸ ਦੇ ਵਰਕਰਾਂ ਨਾਲ ਪੁਲਿਸ ਥਾਣੇ ਦੇ ਬਾਹਰ ਧਰਨਾ ਲਗਾ ਲਿਆ ਹੈ ਅਤੇ ਬੇਵਜ੍ਹਾ ਬਾਂਗੜ ਨੂੰ ਫਸਾਉਣ ਦਾ ਇਲਜ਼ਾਮ ਲਗਾਇਆ ਹੈ। ਉਸਦੀ ਪਤਨੀ ਦਾ ਕਹਿਣਾ ਹੈ ਕਿ ਆਪ ਦਾ ਵਿਧਾਇਕ ਉਨ੍ਹਾਂ ‘ਤੇ ਮੁਆਫੀ ਮੰਗਣ ਦਾ ਦਬਾਅ ਪਾ ਰਿਹਾ ਹੈ। ਸਾਲ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਆਸ਼ੂ ਬਾਂਗੜ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਆਪ ਨੇ ਆਪਣਾ ਉਮੀਦਵਾਰ ਬਣਾਇਆ ਸੀ ਪਰ ਉਨ੍ਹਾਂ ਨੇ ਚੋਣਾਂ ਤੋਂ ਠੀਕ ਪਹਿਲਾਂ ਟਿਕਟ ਵਾਪਸ ਕਰਦੇ ਹੋਏ ਰਾਘਵ ਚੱਢਾ ‘ਤੇ ਗੰਭੀਰ ਇਲਜ਼ਾਮ ਲਗਾਏ ਸਨ।
ਬਾਂਗੜ ਨੇ ਸਿਆਸੀ ਪਾਲਾ ਬਦਲਿਆ ਸੀ
ਆਸ਼ੂ ਬਾਂਗੜ ਨੂੰ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਸਭ ਤੋਂ ਪਹਿਲਾਂ ਆਪਣਾ ਉਮੀਦਵਾਰ ਬਣਾਇਆ ਸੀ ਪਰ ਉਨ੍ਹਾਂ ਨੇ ਚੋਣਾਂ ਤੋਂ ਠੀਕ ਪਹਿਲਾਂ ਰਾਘਵ ਚੱਢਾ ਖਿਲਾਫ਼ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਆਪ ਦੇ ਤਤਕਾਲੀ ਸਹਿ ਪ੍ਰਭਾਰੀ ਰਾਘਵ ਉਨ੍ਹਾਂ ‘ਤੇ ਚੋਣਾਂ ‘ਚ ਵੱਧ ਪੈਸਾ ਖ਼ਰਚਨ ਦਾ ਦਬਾਅ ਪਾ ਰਹੇ ਸਨ ਅਤੇ ਅਜਿਹਾ ਨਾ ਕਰਨ ‘ਤੇ ਉਮੀਦਵਾਰ ਤੋਂ ਹਟਾਉਣ ਦੀ ਧਮਕੀ ਦੇ ਰਹੇ ਸਨ। ਇਸ ਲਈ ਉਨ੍ਹਾਂ ਨੇ ਆਪ ਦੀ ਟਿਕਟ ਵਾਪਸ ਕਰ ਦਿੱਤੀ।
ਬਾਂਗੜ ਦੇ ਇਸ ਐਲਾਨ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਆਸ਼ੂ ਬਾਂਗੜ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਸੀ ਜਦਕਿ 2 ਹੋਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪਹਿਲਾਂ ਹੀ ਝਟਕਾ ਮਿਲ ਚੁੱਕਿਆ ਹੈ। ਅਦਾਲਤ ਨੇ ਅਗਾਊ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।