ਬਿਊਰੋ ਰਿਪੋਰਟ: ਅੱਜ ਫੇਰ ਸ਼੍ਰੋਮਣੀ ਕਮੇਟੀ ਨੂੰ ਧਮਕੀ ਦਿੱਤੀ ਗਈ ਹੈ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਤਰ੍ਹਾਂ ਦੀਆਂ ਧਮਕੀਆਂ ਮਿਲਦਿਆਂ ਅੱਜ ਪੰਜ ਦਿਨ ਹੋ ਗਏ ਹਨ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ ਫਿਰ ਵੀ ਧਮਕੀਆਂ ਦਾ ਸਿਲਸਿਲਾ ਜਾਰੀ ਹੈ।
ਅੱਜ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਪੰਜਵੇਂ ਦਿਨ ਵੀ ਧਮਕੀ ਭਰੀ ਮੇਲ ਮਿਲੀ ਹੈ। ਇਸ ਵਾਰ ਮੇਲ ਵਿੱਚ ਸਿੱਧੀ ਧਮਕੀ ਦਿੱਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ RDX ਨਾਲ ਉਡਾ ਦਿੱਤਾ ਜਾਵੇਗਾ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਧੀਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਭਾਈ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੇਲ ਵੀ ਪਿਛਲੇ ਦਿਨਾਂ ਮਿਲੀਆਂ ਮੇਲਾਂ ਵਾਂਗ ਅਣਜਾਣ ਆਈਡੀ ਤੋਂ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ SGPC ਨੇ ਸਾਰੇ ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਸੌਂਪੀ ਹੈ ਅਤੇ ਹੁਣ ਸੁਰੱਖਿਆ ਏਜੰਸੀਆਂ ਵਲੋਂ ਪੂਰੀ ਤਲਾਸ਼ੀ ਅਤੇ ਜਾਂਚ ਜਾਰੀ ਹੈ।
ਧਿਆਨ ਰਹੇ ਅੱਜ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਨਾਂਅ ਦੇ ਵਿਅਕਤੀ ਨੂੰ ਫਰੀਦਾਬਾਦ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ ਹੈ, ਪਰ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਇਸ ਸਾਜਿਸ਼ ਹੋਰ ਲੋਕ ਵੀ ਲੋਕ ਹਨ।
ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਹਲਕੇ ਪੱਧਰ ’ਤੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਕ ਦੋ ਦਿਨਾਂ ਵਿਚ ਸਾਰੇ ਦੋਸ਼ੀ ਕਾਬੂ ਨਾ ਕੀਤੇ ਗਏ ਤਾਂ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਇਸ ਅਹਿਮ ਮਾਮਲੇ ਸੰਬੰਧੀ ਮੁਲਾਕਾਤ ਕੀਤੀ ਜਾਵੇਗੀ।
ਦੱਸ ਦੇਈਏ ਸ਼੍ਰੋਮਣੀ ਕਮੇਟੀ ਨੂੰ ਧਮਾਕੇ ਸੰਬੰਧੀ 14 ਤੋਂ 16 ਜੁਲਾਈ ਦੌਰਾਨ ਪੰਜ ਧਮਕੀ ਭਰੀਆਂ ਈਮੇਲ ਆਈਆਂ ਸਨ ਤੇ ਇਕ ਦਿਨ ਦੇ ਵਕਫ਼ੇ ਬਾਅਦ ਅੱਜ ਮੁੜ ਇਕ ਅਜਿਹੀ ਈਮੇਲ ਪ੍ਰਾਪਤ ਹੋਈ ਹੈ।
ਮੁੱਖ ਸਕੱਤਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਜਾਂ SGPC ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ SGPC ਦੀਆਂ ਸੁਰੱਖਿਆ ਟੀਮਾਂ ਹਰ ਵੇਲੇ ਚੌਕਸ ਹਨ ਅਤੇ ਦਰਬਾਰ ਸਾਹਿਬ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।