ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਲੋਕ ਸਭਾ ਵਿੱਚ ਵਿਰੋਧ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉਨ੍ਹਾਂ ਵੱਲੋਂ ਕੀਤੀਆਂ ਸਖ਼ਤ ਟਿੱਪਣੀਆਂ ਨਾਲ ਸਬੰਧਿਤ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਲਗਾਤਾਰ ਉਨ੍ਹਾਂ ’ਤੇ ਹਮਲਾਵਰ ਸਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਐਫ਼ਆਈਆਰ ਧਾਰਾ 353 (2), 192 ਅਤੇ 196 ਤਹਿਤ ਦਰਜ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਦੱਸ ਦੇਈਏ ਰਵਨੀਤ ਸਿੰਘ ਬਿੱਟੂ ਨੇ ਇੱਕ ਕਦਮ ਅੱਗੇ ਵੱਧ ਕੇ ਇੱਕ ਹੋਰ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਜਦੋਂ ਤੱਕ ਰਾਹੁਲ ਗਾਂਧੀ ਅਮਰੀਕਾ ਵਾਲੇ ਬਿਆਨ ‘ਤੇ ਮੁਆਫ਼ੀ ਨਹੀਂ ਮੰਗਦੇ ਹਨ ਉਹ 100 ਵਾਰ ਉਨ੍ਹਾਂ ਨੂੰ ਅੱਤਵਾਦੀ ਕਹਿਣਗੇ। ਸਿਰਫ ਇੰਨਾਂ ਹੀ ਬਿੱਟੂ ਨੇ ਐਲਾਨ ਕੀਤਾ ਕਿ ਉਹ ਪਾਰਲੀਮੈਂਟ ਵਿੱਚ ਵੀ ਖੜੇ ਹੋ ਕੇ ਰਾਹੁਲ ਗਾਂਧੀ ਦੇ ਮੂੰਹ ‘ਤੇ ਉਨ੍ਹਾਂ ਨੂੰ ਅੱਤਵਾਦੀ ਕਹਿਣਗੇ। ਰਾਜ ਮੰਤਰੀ ਨੇ ਕਿਹਾ ਖੜਗੇ ਨੂੰ ਸਾਫ ਕਰਨਾ ਚਾਹੀਦਾ ਹੈ ਕਿ SFJ ਦੇ ਗੁਰਪਤਵੰਤ ਸਿੰਘ ਪੰਨੂ ਨੇ ਜਿਸ ਤਰ੍ਹਾਂ ਰਾਹੁਲ ਗਾਂਧੀ ਦੇ ਪੱਗ ਅਤੇ ਕੜੇ ਵਾਲੇ ਬਿਆਨ ਦੀ ਹਮਾਇਤ ਕੀਤੀ ਹੈ, ਕੀ ਉਹ ਉਸ ਤੋਂ ਸਹਿਮਤ ਹਨ?
ਰਾਜ ਮੰਤਰੀ ਬਿੱਟੂ ਨੇ ਕਿਹਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਆਅਰਜੁਨ ਖੜਗੇ ਨੇ ਜਿਹੜਾ ਰਾਹੁਲ ਗਾਂਧੀ ਨੂੰ ਲੈਕੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਸੀ ਉਸ ਦਾ ਜਵਾਬ ਬੀਜੇਪੀ ਦੇ ਪ੍ਰਧਾਨ ਜੇ.ਪੀ ਨੱਡਾ ਨੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਂਗਰਸੀ ਆਗੂਆਂ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਮਿਲ ਦਿੱਤੀ ਜਾਂਦੀ ਹੈ ਉਸ ਵੇਲੇ ਕਿਉਂ ਨਹੀਂ ਕੁਢ ਬੋਲਿਆ ਜਾਂਦਾ। ਬਿੱਟੂ ਨੇ ਇਲਜ਼ਾਮ ਲਗਾਇਆ ਕਿ ਰਾਹੁਲ, ਪੰਨੂ ਅਤੇ ਪਾਕਿਸਤਾਨ ਦਾ ਆਪਸ ਵਿੱਚ ਤ੍ਰਿਕੋਣ ਹੈ।