ਮੁਹਾਲੀ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਰਖ਼ਾਸਤ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਰਾਜਜੀਤ ਸਿੰਘ ਹੁੰਦਲ ਨੂੰ ਮੁਹਾਲੀ ਦੀ ਅਦਾਲਤ ਨੇ ਸਟੇਟ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਭਗੌੜਾ ਅਪਰਾਧੀ (ਪੀਓ) ਐਲਾਨ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਸਟਿਸ ਅਨੀਸ਼ ਗੋਇਲ ਦੀ ਅਦਾਲਤ ਨੇ ਹੁੰਦਲ ਨੂੰ 20 ਜੁਲਾਈ ਨੂੰ ਪੀਓ ਐਲਾਨ ਦਿੱਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਏਜੰਸੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਜਾਂਚ ਜਾਰੀ ਹੈ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ।
ਉੱਧਰ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਨੇ ਵੀ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਮ ’ਤੇ ਰਜਿਸਟਰਡ 4 ਕਰੋੜ ਰੁਪਏ ਦੀਆਂ 9 ਜਾਇਦਾਦਾਂ ਜ਼ਬਤ ਕੀਤੀਆਂ ਹਨ।
ਦੱਸ ਦੇਈਏ ਰਾਜ ਜੀਤ ਸਿੰਘ ਹੁੰਦਲ ’ਤੇ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਮਦਦ ਕਰ ਕੇ ਪੁਲਿਸ-ਨਸ਼ਾ ਤਸਕਰਾਂ ਦਾ ਗਠਜੋੜ ਚਲਾਉਣ ਦਾ ਦੋਸ਼ ਹੈ। ਉਨ੍ਹਾਂ ਨੂੰ ਪਿਛਲੇ ਸਾਲ 19 ਅਪ੍ਰੈਲ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਉਹ 20 ਅਕਤੂਬਰ, 2023 ਤੋਂ ਫਰਾਰ ਹਨ।
ਉਸ ਦੇ ਨਾਲ ਹੀ ਉਨ੍ਹਾਂ ਨੂੰ 12 ਜੂਨ, 2018 ਨੂੰ ਐਸਟੀਐਫ ਦੁਆਰਾ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਵਿਰੁੱਧ ਆਈਪੀਸੀ ਦੀ ਧਾਰਾ 120-ਬੀ, 218 ਅਤੇ 384 ਅਤੇ ਐਨਡੀਪੀਐਸ ਐਕਟ ਦੀ ਧਾਰਾ 59 ਅਤੇ 39 ਤਹਿਤ ਦਰਜ ਐਫਆਈਆਰ ਵਿੱਚ ਸਹਿ-ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ। ਐਸਟੀਐਫ ਨੇ 29 ਫਰਵਰੀ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਸੀ।