ਬਿਉਰੋ ਰਿਪੋਰਟ: ਬਠਿੰਡਾ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਆਗੂ ਦੇ ਘਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਕੱਲ੍ਹ ਦੇਰ ਰਾਤ ਵਾਪਰੀ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਕਰੀਬ 11 ਵਜੇ ਬਾਈਕ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ’ਤੇ ਗੋਲ਼ੀਆਂ ਚਲਾ ਦਿੱਤੀਆਂ। ਅਣਪਛਾਤੇ ਨੌਜਵਾਨਾਂ ਵੱਲੋਂ ਆਗੂਆਂ ਦੇ ਘਰਾਂ ’ਤੇ ਫਾਇਰਿੰਗ ਕਰਨ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ ’ਤੇ ਆਏ ਅਤੇ ਉਨ੍ਹਾਂ ਦੇ ਘਰ ’ਤੇ ਗੋਲ਼ੀਆਂ ਚਲਾ ਕੇ ਫ਼ਰਾਰ ਹੋ ਗਏ। ਫਿਰ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਥਰਮਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇੱਕ ਅਕਾਲੀ ਆਗੂ ਦੇ ਲੜਕੇ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ ਸਨ। ਬਾਈਕ ਸਵਾਰ ਨੌਜਵਾਨਾਂ ਨੇ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ। ਫਿਲਹਾਲ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ਅਤੇ ਪੁਲਿਸ ਤੀਜੇ ਦੀ ਪਛਾਣ ਕਰ ਰਹੀ ਹੈ।