ਬਟਾਲਾ (ਜਲੰਧਰ ਰੋਡ): ਸ਼ੁੱਕਰਵਾਰ ਰਾਤ ਨੂੰ ਕਾਂਗਰਸੀ ਨੇਤਾ ਤੇ ਸੀਨੀਅਰ ਉਪ ਪ੍ਰਧਾਨ ਗੌਤਮ ਗੁੱਡੂ ਸੇਠ ਦੀ ਦੁਕਾਨ ‘ਸੇਠ ਟੈਲੀਕਾਮ’ ਉੱਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਖੁੱਲ੍ਹੇਆਮ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੁਕਾਨ ਦੇ ਸ਼ੀਸ਼ੇ ਉੱਤੇ ਲੱਗੀਆਂ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਕੋਈ ਜ਼ਖ਼ਮੀ ਨਹੀਂ ਹੋਇਆ।
ਗੁੱਡੂ ਸੇਠ ਦਾ ਪੁੱਤਰ ਆਮ ਤੌਰ ਤੇ ਉਸੇ ਜਗ੍ਹਾ ਬੈਠਦਾ ਹੈ ਜਿੱਥੇ ਗੋਲੀਆਂ ਲੱਗੀਆਂ, ਪਰ ਉਸ ਸਮੇਂ ਉਹ ਉੱਥੇ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਲਾਕੇ ਵਿੱਚ ਗੋਲੀਬਾਰੀ ਨਾਲ ਦਹਿਸ਼ਤ ਫੈਲ ਗਈ। ਲੋਕਾਂ ਨੇ ਇਕੱਠੇ ਹੋ ਕੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਵੱਲੋਂ ਪਹਿਲਾਂ ਦਿੱਤੀਆਂ ਧਮਕੀਆਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ।
ਗੌਤਮ ਗੁੱਡੂ ਸੇਠ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਨੇ ਇਸ ਸਬੰਧੀ ਪੁਲਿਸ ਵਿੱਚ ਐਫਆਈਆਰ ਵੀ ਦਰਜ ਕਰਵਾਈ ਸੀ, ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਅੱਜ ਇਹ ਹਮਲਾ ਹੋਇਆ। ਉਹ ਤੇ ਉਨ੍ਹਾਂ ਦਾ ਪਰਿਵਾਰ ਬਹੁਤ ਡਰੇ ਹੋਏ ਹਨ।
ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਸੰਜੀਵ ਕੁਮਾਰ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਸੁਰੱਖਿਆ ਵਧਾਈ ਜਾਵੇਗੀ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ’ਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

