Punjab

ਮੋਗਾ ‘ਚ ਨਾਮਜ਼ਦਗੀ ਕੇਂਦਰ ਦੇ ਬਾਹਰ ਫਾਇਰਿੰਗ, ਲੋਕਾਂ ਦੀਆਂ ਫਾਈਲਾਂ ਪਾੜੀਆਂ

ਮੋਗਾ : ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ ਹੈ। ਜਿੱਥੇ ਉਮੀਦਵਾਰਾਂ ਨੂੰ ਨਾਮਜ਼ਦੀਆਂ ਲਈ ਜਦੋ ਜਹਿਦ ਕਰਨੀ ਪੈ ਰਹੀ ਹੈ। ਇਸੇ ਦੌਰਾਨ ਇੱਕ ਵੀਡੀਓ ਵਾਇਰਲ ਹੋ ਰਹੀ ਹੈ  ਨਾਮਜ਼ਦਗੀ ਕੇਂਦਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਫਿਰ ਲੋਕਾਂ ਦੀਆਂ ਫਾਈਲਾਂ ਪਾੜ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਰੈੱਡ ਕਰਾਸ ਕੇਂਦਰ ਵਾਲੀ ਇਮਾਰਤ ਦੇ ਬਾਹਰ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਹੈ।

ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਚੀਮਾ ਨੇ ਕਿਹਾ ਕਿ ਗੁੰਡਿਆਂ ਵੱਲੋਂ ਨਾਮਜ਼ਦਗੀ ਕੇਂਦਰ ‘ਤੇ ਕਬਜ਼ਾ ਕਰਨ ਦੀ ਇਹ ਪਹਿਲੀ ਵੀਡੀਓ ਹੈ। ਮੋਗਾ ਵਿਧਾਨ ਸਭਾ ਹਲਕਾ ਧਰਮਕੋਟ ‘ਚ ਵਿਰੋਧੀ ਧਿਰ ਦੇ ਉਮੀਦਵਾਰਾਂ ‘ਤੇ ਹਮਲੇ ਹੋ ਰਹੇ ਹਨ ਅਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਖੋਹੇ ਜਾ ਰਹੇ ਹਨ। ਪੁਲਸ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਇਹ ਸਪੱਸ਼ਟ ਤੌਰ ‘ਤੇ ਲੋਕਤੰਤਰ ਦਾ ਕਤਲ ਹੈ।

ਚੀਮਾ ਨੇ ਕਿਹਾ ਕਿ ਮੈਂ ਐਸਈਸੀ ਨੂੰ ਅਪੀਲ ਕਰਦਾ ਹਾਂ ਕਿ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਾਮਜ਼ਦਗੀ ਕੇਂਦਰਾਂ ‘ਤੇ ਤੁਰੰਤ ਆਮ ਸਥਿਤੀ ਬਹਾਲ ਕਰਨ ਲਈ ਨਿਰਦੇਸ਼ ਦਿੱਤੇ ਜਾਣ। ਸਾਰੇ ਗ੍ਰਿਫਤਾਰ ਨਾਮਜ਼ਦ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਸਕਣ।