The Khalas Tv Blog Punjab ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ
Punjab Religion

ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਹੁਣ ਤੱਕ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ।

ਇਸ ਤੋਂ ਪਹਿਲਾਂ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਕਮੇਟੀ ਦੀ ਕਾਰਗੁਜ਼ਾਰੀ ਸਬੰਧੀ ਲਿਖਤੀ ਰਿਪੋਰਟ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ ਗਈ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਆਏ ਪੰਜ ਮੈਂਬਰਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ ਅਤੇ ਇਕਬਾਲ ਸਿੰਘ ਝੂੰਦਾਂ ਸ਼ਾਮਲ ਸਨ।

ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਹੈ। ਇੱਕ ਘੰਟੇ ਦੇ ਕਰੀਬ ਚੱਲੀ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਜਾਣੂ ਕਰਾਇਆ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਅਤੇ ਉਹ ਭਰਤੀ ਆਪਣੇ ਤੌਰ ’ਤੇ ਹੀ ਕਰਨਾ ਚਾਹੁੰਦੇ ਹਨ।

ਜਥੇਦਾਰ ਨਾਲ ਬੈਠਕ ਉਪਰੰਤ ਕਮੇਟੀ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਉਹ ਸ਼੍ਰੋਮਣੀ ਅਕਾਲ ਤਖਤ ਵੱਲੋਂ ਜਾਰੀ ਆਦੇਸ਼ਾਂ ਨੂੰ ਇਨ-ਬਿਨ ਲਾਗੂ ਕਰਵਾਉਣ ਵਾਸਤੇ ਜਥੇਦਾਰ ਨੂੰ ਮਿਲੇ ਹਨ।

ਜਥੇਦਾਰ ਨੂੰ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕਮੇਟੀ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਹੁਣ ਇਸ ਮਾਮਲੇ ਵਿੱਚ ਅਕਾਲ ਤਖਤ ਵੱਲੋਂ ਜੋ ਵੀ ਅਗਲਾ ਆਦੇਸ਼ ਦਿੱਤਾ ਜਾਵੇਗਾ, ਕਮੇਟੀ ਮੈਂਬਰ ਉਸ ਮੁਤਾਬਕ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਅਕਾਲ ਤਖਤ ਦੀ ਫਸੀਲ ਤੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਇਨ ਬਿਨ ਲਾਗੂ ਕਰਾਉਣਗੇ।

ਮੀਡੀਆ ਨਾਲ ਗੱਲ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿੱਚ ਜੋ ਵੀ ਘਟਨਾਕ੍ਰਮ ਹੋਇਆ ਹੈ ਉਸ ਸਬੰਧੀ ਜਥੇਦਾਰ ਸਾਹਿਬਾਨ ਨੂੰ ਇੱਕ ਪੱਤਰ ਲਿਖ ਕੇ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਫੈਸਲਾ ਜਥੇਦਾਰ ਸਿੰਘ ਸਾਬ੍ਹ ਕਰਨਗੇ ਕਮੇਟੀ ਉਸਨੂੰ ਸਿਰ ਮੱਥੇ ਪਰਵਾਨ ਕਰੇਗੀ।

 

 

Exit mobile version