ਬਿਊਰੋ ਰਿਪੋਰਟ (ਚੰਡੀਗੜ੍ਹ, 29 ਅਗਸਤ 2025): ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਹੜ੍ਹ ਦਾ ਖ਼ਤਰਾ ਬਰਕਰਾਰ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਮੁਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ ਵਿੱਚ 2 ਸਤੰਬਰ ਤੱਕ ਸੰਤਰੀ ਅਲਰਟ ਅਤੇ ਹਿਮਾਚਲ ਪ੍ਰਦੇਸ਼ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੁਬਾਰਾ ਭਾਰੀ ਬਾਰਿਸ਼ ਹੁੰਦੀ ਹੈ ਤਾਂ ਇਸ ਦਾ ਸਿੱਧਾ ਪ੍ਰਭਾਵ ਪੰਜਾਬ ਨੂੰ ਝੱਲਣਾ ਪਵੇਗਾ। ਹਾਲਾਂਕਿ, ਵੀਰਵਾਰ ਨੂੰ ਪੰਜਾਬ ਵਿੱਚ ਕਿਤੇ ਵੀ ਬਾਰਿਸ਼ ਨਹੀਂ ਹੋਈ ਜਿਸ ਕਾਰਨ ਰਾਵੀ ਦਰਿਆ ਦਾ ਪਾਣੀ ਕੁਝ ਘਟਿਆ ਹੈ।
ਜੰਮੂ-ਕਸ਼ਮੀਰ ਵਿੱਚ ਆਏ ਹੜ੍ਹ ਦੇ ਕਾਰਨ ਪੰਜਾਬ ਰਾਹੀਂ ਲੰਘਣ ਵਾਲੀਆਂ 38 ਰੇਲ ਗੱਡੀਆਂ ਨੂੰ ਰੱਦ ਕਰਨਾ ਪਿਆ ਹੈ। ਇਸ ਤੋਂ ਇਲਾਵਾ ਡੈਮਾਂ ਤੋਂ ਪਾਣੀ ਛੱਡਣ ਕਰਕੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹਾਲਾਤ ਗੰਭੀਰ ਹੋ ਚੁੱਕੇ ਹਨ। ਵੀਰਵਾਰ ਦੁਪਹਿਰ ਨੂੰ ਪੋਂਗ ਡੈਮ ਦੇ ਫਲੱਡ ਗੇਟ ਖੋਲ੍ਹਣੇ ਪਏ, ਕਿਉਂਕਿ ਸਵੇਰੇ ਹੀ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 1390 ਫੁੱਟ ਤੋਂ ਵੱਧ ਕੇ 1396 ਫੁੱਟ ਤੱਕ ਪਹੁੰਚ ਗਿਆ ਸੀ।