ਬਿਊਰੋ ਰਿਪੋਰਟ (ਢਾਕਾ, 17 ਨਵੰਬਰ 2025): ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸਾਬਕਾ ਗ੍ਰਹਿ ਮੰਤਰੀ ਆਸਦੁੱਜ਼ਮਾਨ ਖਾਨ ਕਮਾਲ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਢਾਕਾ ਦੀ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (International Crimes Tribunal) ਨੇ ਉਨ੍ਹਾਂ ਨੂੰ ਮਨੁੱਖਤਾ ਵਿਰੋਧੀ ਅਪਰਾਧਾਂ ਦਾ ਦੋਸ਼ੀ ਠਹਿਰਾਇਆ ਹੈ।
ਟ੍ਰਿਬਿਊਨਲ ਨੇ ਉਨ੍ਹਾਂ ਨੂੰ ਅਗਸਤ 2024 ਦੇ ਵਿਦਿਆਰਥੀ ਅੰਦੋਲਨ ਦੌਰਾਨ ਹੋਈਆਂ ਹੱਤਿਆਵਾਂ ਦਾ ਮਾਸਟਰਮਾਈਂਡ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪਿਛਲੇ 15 ਮਹੀਨਿਆਂ ਤੋਂ ਭਾਰਤ ਵਿੱਚ ਰਹਿ ਰਹੀ ਹੈ।
ਹਸੀਨਾ ਦੇ ਫੈਸਲੇ ਨੂੰ ਲੈ ਕੇ ਦੇਸ਼ ਭਰ ਵਿੱਚ ਹਿੰਸਾ ਜਾਰੀ ਹੈ। ਸਰਕਾਰ ਨੇ ਹਾਈ ਅਲਰਟ ਦੀ ਘੋਸ਼ਣਾ ਕਰ ਦਿੱਤੀ ਹੈ। ਢਾਕਾ ਵਿੱਚ 15,000 ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਨੂੰ ਹਿੰਸਕ ਪ੍ਰਦਰਸ਼ਨਕਾਰੀਆਂ ’ਤੇ ਗੋਲੀ ਚਲਾਉਣ ਦਾ ਆਦੇਸ਼ ਦਿੱਤਾ ਗਿਆ ਹੈ।
ਸ਼ਨੀਵਾਰ ਦੇਰ ਰਾਤ ਤੋਂ ਐਤਵਾਰ ਸਵੇਰ ਤੱਕ ਢਾਕਾ ਵਿੱਚ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ ਗਈ। ਫੈਸਲੇ ਤੋਂ ਬਾਅਦ ਹਿੰਸਾ ਹੋਰ ਵਧਣ ਦੇ ਖਦਸ਼ੇ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

