‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ‘ਤੇ ਕਿਸੇ ਵੀ ਸਮਾਜਿਕ, ਧਾਰਮਿਕ ਅਤੇ ਸਿਆਸੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ’ਤੇ ਲਾਈ ਰੋਕ ਹਟਾ ਦਿੱਤੀ ਹੈ। ਚੱਢਾ ’ਤੇ ਕੁੱਝ ਗੰਭੀਰ ਦੋਸ਼ ਲੱਗਣ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ‘ਤੇ ਦੋ ਸਾਲ ਵਾਸਤੇ ਇਹ ਰੋਕ ਲਾ ਦਿੱਤੀ ਗਈ ਸੀ।
ਸ਼੍ਰੀ ਅਕਾਲ ਤਖਤ ਸਕੱਤਰੇਤ ਤੋਂ ਚੱਢਾ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕਲੀਨ ਚਿੱਟ ਦਿੱਤੀ ਗਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਉਨ੍ਹਾਂ ਵੱਲੋਂ ਭੇਜੇ ਗਏ ਪੱਤਰ ’ਤੇ ਵਿਚਾਰ ਕੀਤਾ ਗਿਆ, ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ‘ਤੇ ਲਾਈ ਗਈ ਰੋਕ ਹਟਾ ਦਿੱਤੀ ਗਈ ਹੈ। ਚੱਢਾ ਨੇ ਕਿਹਾ ਕਿ ਉਹ ਗੁਰੂ ਘਰ ਦੇ ਸ਼ੁਕਰਾਨੇ ਵਜੋਂ 12 ਅਪ੍ਰੈਲ ਨੂੰ ਸ਼੍ਰੀ ਅਖੰਡ ਪਾਠ ਕਰਵਾ ਰਹੇ ਹਨ, ਜਿਸ ਦੇ ਭੋਗ 14 ਅਪ੍ਰੈਲ ਨੂੰ ਪੈਣਗੇ।
ਕੀ ਹੈ ਪੂਰਾ ਮਾਮਲਾ ?
ਜਾਣਕਾਰੀ ਮੁਤਾਬਕ ਦਸੰਬਰ 2017 ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਬਜ਼ੁਰਗ ਸਿੱਖ ਲੀਡਰ ਨੂੰ ਇੱਕ ਔਰਤ ਨਾਲ ਦਿਖਾਇਆ ਗਿਆ ਸੀ। ਇਹ ਔਰਤ ਚੀਫ ਖਾਲਸਾ ਦੀਵਾਨ ਹੇਠ ਚੱਲਦੇ ਇੱਕ ਸਕੂਲ ਦੀ ਪ੍ਰਿੰਸੀਪਲ ਸੀ। ਇਸ ਵੀਡੀਓ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 23 ਜਨਵਰੀ 2018 ਨੂੰ ਉਸ ਵੇਲੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਤਤਕਾਲੀਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਚਰਨਜੀਤ ਸਿੰਘ ਚੱਢਾ ’ਤੇ ਦੋ ਸਾਲ ਲਈ ਸਮਾਜਿਕ, ਧਾਰਮਿਕ ਅਤੇ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਮੰਚ ਤੋਂ ਬੋਲਣ ’ਤੇ ਰੋਕ ਲਾ ਦਿੱਤੀ ਸੀ।