Punjab

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਾਦਲਾਂ ਦੀ ਫਰੀਦਕੋਟ ਅਦਾਲਤ ‘ਚ ਪੇਸ਼ੀ

ਫਰੀਦਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ  ਬਾਦਲ ਪਹਿਲੀ ਵਾਰ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ ਹਨ। ਉਹਨਾਂ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਐਸਆਈਟੀ ਵੱਲੋਂ ਨਾਮਜ਼ਦ ਕੀਤਾ ਗਿਆ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫਰੀਦਕੋਟ ਅਦਾਲਤ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਤੋਂ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਇਸ ਲਈ ਉਹ ਜਮਾਨਤੀ ਬੌਂਡ ਭਰ ਕੇ ਬਾਹਰ ਆਏ।

ਬਾਦਲ ਪਿਉ-ਪੁੱਤ ਦੇ ਖਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ।ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਵੀਰਵਾਰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤੇ ਸਨ।

ਹਾਲਾਂਕਿ ਇਸੇ ਮਾਮਲੇ ਵਿੱਚ ਉਸ ਸਮੇਂ ਦੇ ਕੁੱਝ ਉੱਚ ਪੁਲਿਸ ਅਧਿਕਾਰੀਆਂ ਦੇ ਨਾਮ ਵੀ ਨਾਮਜ਼ਦ ਹੋਏ ਸਨ,ਜਿਹਨਾਂ ਵਿੱਚ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਵੀ ਸ਼ਾਮਲ ਸੀ।ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਪਰਸੋਂ ਹੀ ਅਦਾਲਤ ਨੇ ਖਾਰਿਜ ਕਰ ਦਿੱਤਾ ਸੀ।